Hyderabad News : ਕੈਮੀਕਲ ਫੈਕਟਰੀ 'ਚ ਜ਼ਬਰਦਸਤ ਧਮਾਕਾ, 10 ਮਜ਼ਦੂਰਾਂ ਦੀ ਮੌਤ , ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ
Hyderabad Chemical Factory Explosion : ਹੈਦਰਾਬਾਦ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਪਟੰਚੇਰੂਵੂ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਧਮਾਕੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਧਮਾਕੇ ਵਿੱਚ 20 ਤੋਂ ਵੱਧ ਮਜ਼ਦੂਰ ਗੰਭੀਰ ਜ਼ਖਮੀ ਹੋਏ ਹਨ, ਜਦੋਂ ਕਿ ਕਈ ਹੋਰਾਂ ਦੇ ਅਜੇ ਵੀ ਮਲਬੇ ਵਿੱਚ ਫਸਣ ਦਾ ਖਦਸ਼ਾ ਹੈ।
ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੀਨੀਅਰ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਧਮਾਕਾ ਸਿਗਾਚੀ ਕੈਮੀਕਲ ਫੈਕਟਰੀ ਵਿੱਚ ਹੋਇਆ, ਜਿੱਥੇ ਰਿਐਕਟਰ ਫਟਣ ਤੋਂ ਬਾਅਦ ਅੱਗ ਲੱਗ ਗਈ।
ਸ਼ੁਰੂਆਤੀ ਰਿਪੋਰਟਾਂ ਅਨੁਸਾਰ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬਹੁਤ ਸਾਰੇ ਮਜ਼ਦੂਰ 100 ਮੀਟਰ ਤੱਕ ਹਵਾ ਵਿੱਚ ਉਛਲ ਗਏ ਅਤੇ ਦੂਰ ਡਿੱਗ ਗਏ। ਇਸ ਕੈਮੀਕਲ ਫੈਕਟਰੀ ਦੀ ਇਮਾਰਤ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਢਹਿ ਗਿਆ ਹੈ। ਘਟਨਾ ਤੋਂ ਬਾਅਦ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਇਸ ਨੂੰ ਬੁਝਾਉਣ ਲਈ ਕਈ ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਧਮਾਕੇ ਤੋਂ ਬਾਅਦ ਫੈਕਟਰੀ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ, ਜਦੋਂ ਕਿ ਨੇੜਲੇ ਪਲਾਂਟਾਂ ਨੂੰ ਵੀ ਸਾਵਧਾਨੀ ਵਜੋਂ ਬੰਦ ਕਰ ਦਿੱਤਾ ਗਿਆ ਹੈ। ਅਜੇ ਤੱਕ ਕਿਸੇ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ।ਇਸ ਸਮੇਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਪ੍ਰਸ਼ਾਸਨ ਦਾ ਪੂਰਾ ਧਿਆਨ ਫਸੇ ਹੋਏ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਅਤੇ ਜ਼ਖਮੀਆਂ ਦਾ ਇਲਾਜ ਕਰਨ 'ਤੇ ਹੈ।
- PTC NEWS