ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ, ਅਗਲੀ ਰਣਨੀਤੀ ’ਤੇ ਕੀਤੀ ਗਈ ਵਿਚਾਰ-ਵਟਾਂਦਰਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ।
ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਅਤੇ ਸੰਗਤਾਂ ਨੂੰ ਜਾਗਰੂਕ ਕਰਨ ਲਈ ਅਗਲੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਅਮਰਜੀਤ ਸਿੰਘ ਚਾਵਲਾ ਸਮੇਤ ਕਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਰਹੇ। ਮੀਟਿੰਗ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਲਈ ਸਾਂਝੀ ਮੁਹਿੰਮ ਚਲਾਉਣ ਅਤੇ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਸਿਆਸੀ ਪਾਰਟੀ ਨਾਲ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਲੈਣ ਲਈ ਸੰਪਰਕ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਿੱਥੇ ਵੀ ਮੁੱਖ ਮੰਤਰੀ ਦੇ ਪ੍ਰੋਗਰਾਮ ਹੋਣਗੇ, ਉੱਥੇ ਸੰਗਤਾਂ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਅਪੀਲ ਕੀਤੀ ਜਾਵੇਗੀ।
ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਅੱਜ ਤੋਂ 3 ਦਿਨਾਂ ਦੇ ਪੰਜਾਬ ਦੌਰੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
- PTC NEWS