Fatehgarh Sahib : ਪੰਥ ਰਤਨ ਗਿਆਨੀ ਦਿੱਤ ਸਿੰਘ ਜੀ ਦੇ ਜੱਦੀ ਪਿੰਡ ਕਲੋੜ ਵਿਖੇ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਯਾਦਗਾਰ : ਜਥੇਦਾਰ ਕੁਲਦੀਪ ਸਿੰਘ ਗੜਗੱਜ
Fatehgarh Sahib : ਸਿੰਘ ਸਭਾ ਲਹਿਰ ਦੇ ਮੋਢੀ, ਮਹਾਨ ਵਿਦਵਾਨ ਪੰਥ ਰਤਨ ਗਿਆਨੀ ਭਾਈ ਦਿੱਤ ਸਿੰਘ ਜੀ ਦੀ ਮਨਾਈ ਜਾ ਰਹੀ 124ਵੀ ਨਿੱਘੀ ਯਾਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਗਿਆਨੀ ਦਿੱਤ ਸਿੰਘ ਦੀ ਵੱਡੇ ਪੱਧਰ ਤੇ ਉਹਨਾਂ ਦੇ ਜੱਦੀ ਪਿੰਡ ਨੰਦਪੁਰ ਕਲੌੜ ਵਿਖੇ ਯਾਦਗਾਰ ਸਥਾਪਿਤ ਕੀਤੀ ਜਾਵੇਗੀ। ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬਿਆਂ ਦਾ ਵਿਸ਼ੇਸ਼ ਸਹਿਯੋਗ ਲਿਆ ਜਾਵੇਗਾ।
ਇਸ ਮੌਕੇ 'ਤੇ ਨਗਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਧਾਰਮਿਕ ਸਮਾਗਮ ਵੀ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ, ਰਾਗੀ, ਢਾਡੀ, ਕਵੀਸਰੀ, ਕਵੀਆਂ ਆਦਿ ਨੇ ਸੰਗਤ ਨੂੰ ਗਿਆਨੀ ਭਾਈ ਦਿੱਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾ ਕੇ ਨਿਹਾਲ ਕੀਤਾ ਗਿਆ ਅਤੇ ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵੱਲੋਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਗਈ, ਜਿਨਾਂ ਦਾ ਸਮਾਗਮ ਦੇ ਪ੍ਰਬੰਧਕ ਧਰਮ ਸਿੰਘ ਕਲੋੜ ਸਮੇਤ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ 'ਤੇ ਨਗਰ ਨਿਵਾਸੀਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਅਤੇ ਪੰਜਾਬੀ ਪੱਤਰਕਾਰ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਵੱਲੋਂ ਸਿੰਘ ਸਭਾ ਲਹਿਰ ਦੌਰਾਨ ਸਿੱਖਾਂ ਦਾ ਪਹਿਲਾ ਪੰਜਾਬੀ "ਖਾਲਸਾ ਅਖਬਾਰ" ਜਾਰੀ ਕੀਤਾ ਸੀ ਤੇ ਅਨੇਕਾਂ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾ ਕੇ ਪੰਜਾਬੀਅਤ ਦੀ ਸੇਵਾ ਕੀਤੀ । ਉਹਨਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਦਾ ਸਮੁੱਚਾ ਜੀਵਨ ਸ੍ਰੀ ਗੁਰੂ ਗ੍ਰੰਥ ਜੀ ਨੂੰ ਸਮਰਪਿਤ ਰਿਹਾ ਤੇ ਕੌਮ ਦੀ ਤਾਕਤ ਨੂੰ ਵਧਾਉਣ ਲਈ ਹਮੇਸ਼ਾ ਯਤਨਸ਼ੀਲ ਰਹੇ ਸਿਧਾਂਤਕ ਹਮਲਿਆਂ ਦਾ ਹਮੇਸ਼ਾ ਜਵਾਬ ਦੇ ਕੇ ਵਿਰੋਧੀਆਂ ਨੂੰ ਚਿੱਤ ਕਰਦੇ ਰਹੇ ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ ਨੇ ਪੁਲਿਸ ਵੱਲੋਂ ਲਾਵਾਰਸ ਕਹਿ ਕੇ ਮਾਰੇ ਗਏ ਨੌਜਵਾਨਾਂ ਦਾ ਡਾਟਾ ਇਕੱਠਾ ਕਰਕੇ ਪਹਿਚਾਨ ਦਿੱਤੀ ਤੇ ਅਜਿਹੇ ਕਰਜ਼ਾ ਨੂੰ ਦੇਖਦੀਆ ਹੋਏਆਂ ਸਰਕਾਰ ਵੱਲੋਂ ਉਹਨਾਂ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ ਸੀ ਪਰ ਉਨਾਂ ਦੇ ਯੁੱਧੋ ਜਹਿਦ ਨੂੰ ਅੱਜ ਵੀ ਪੰਥ ਵੱਲੋਂ ਆਪਣੇ ਹਿਰਦਿਆਂ ਵਿੱਚ ਵਸਾਈ ਬੈਠਾ ਹੈ। ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ ਵੀ ਮੰਗ ਉਠਾਈ ਗਈ।
ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਦੀ ਮਦਦ ਕਰਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਰਾਜ ਦੀ ਜਨਤਾ ਦੀ ਰਾਖੀ ਕਰਨਾ ਸਰਕਾਰਾਂ ਦਾ ਫਰਜ਼ ਹੁੰਦਾ ਹੈ ਜਦਕਿ ਪੰਜਾਬ ਸਰਕਾਰ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰਨ ਲਈ ਕਿਸ਼ਤੀਆਂ ਤੱਕ ਵੀ ਮੁਹਈਆ ਨਹੀਂ ਕਰਵਾ ਸਕੀ। ਕੁਦਰਤੀ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨਿਵਾਸੀਆਂ ਲਈ ਜਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ 'ਤੇ ਹੜ੍ਹਾਂ ਦੀ ਪਈ ਕੁਦਰਤੀ ਮਾਰ ਨੂੰ ਕੁਦਰਤੀ ਆਫਤ ਕਰਾਰ ਦਿੰਦਿਆਂ ਵਿਸ਼ੇਸ਼ ਰਾਹਤ ਪੈਕਜ ਜਾਰੀ ਕੀਤਾ ਜਾਣਾ ਚਾਹੀਦਾ ਹੈ।
- PTC NEWS