Khanna ‘ਚ ਮਨਰੇਗਾ ਕਰਮਚਾਰੀਆਂ ਵੱਲੋਂ ਕਿਰਤ ਮੰਤਰੀ ਦੀ ਰਿਹਾਇਸ਼ ਦਾ ਘੇਰਾਓ; ਪੱਕੇ ਕਰਨ ਤੇ ਬਕਾਇਆ ਤਨਖਾਹਾਂ ਦੀ ਮੰਗ
Khanna News : ਖੰਨਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਮੋਰਚਾ ਦੇ ਸੱਦੇ ‘ਤੇ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦਾ ਘੇਰਾਵ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਠੇਕਾ ਪ੍ਰਥਾ ਖਤਮ ਕਰਕੇ ਮਨਰੇਗਾ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਪਿਛਲੇ ਛੇ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।
ਜਥੇਬੰਦੀ ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 17-18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਭਰੋਸੇ ਤਾਂ ਦਿੱਤੇ ਗਏ, ਪਰ ਅੱਜ ਤੱਕ ਕੋਈ ਢੁੱਕਵਾਂ ਫੈਸਲਾ ਨਹੀਂ ਲਿਆ ਗਿਆ।
ਆਗੂਆਂ ਨੇ ਕਿਹਾ ਕਿ ਮਨਰੇਗਾ ਤਹਿਤ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਹਜ਼ਾਰਾਂ ਕਰਮਚਾਰੀ ਇਸ ਸਕੀਮ ਨਾਲ ਜੁੜੇ ਹੋਏ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਨੂੰ ਤਨਖਾਹਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਅਤੇ ਵਿਧਾਇਕਾਂ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Gurdaspur Murder : ਪੰਜਾਬ 'ਚ ਦੋਹਰਾ ਕਤਲ ਕਾਂਡ, ਪਹਿਲਾਂ ਸੈਰ ਕਰਦੇ ਭਰਾ ਦਾ ਕੀਤਾ ਕਤਲ, ਫਿਰ ਘਰ ਜਾ ਕੇ ਭਾਬੀ ਨੂੰ ਮਾਰੀਆਂ ਗੋਲੀਆਂ
- PTC NEWS