ਗੈਂਗਸਟਰ ਦੀ ਇੰਟਰਵਿਊ 'ਤੇ ਮੂਸੇਵਾਲਾ ਦੇ ਪਿਤਾ ਨੇ ਕਿਹਾ... ਲਾਰੈਂਸ ਬਿਸ਼ਨੋਈ ਕੇਂਦਰ ਤੇ ਪੰਜਾਬ ਸਰਕਾਰ ਦਾ ਹੈ ਮਹਿਮਾਨ
Lawrence Bishnoi Interview: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਜੇਲ 'ਚ ਹੋਈ ਇੰਟਰਵਿਊ ਦੇ ਖੁਲਾਸੇ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਸਭ ਕੁਝ ਬਹੁਤ ਪਹਿਲਾਂ ਦੱਸ ਚੁੱਕੇ ਹਨ ਪਰ ਪੰਜਾਬ ਦੇ ਡੀਜੀਪੀ ਅਦਾਲਤ ਵਿੱਚ ਹਲਫ਼ਨਾਮਾ ਦੇ ਕੇ ਦਾਅਵਾ ਕਰ ਰਹੇ ਹਨ ਕਿ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਈ ਹੈ। ਹੁਣ ਜਦੋਂ ਇਹ ਗੱਲ ਅਦਾਲਤ ਵਿੱਚ ਸਾਹਮਣੇ ਆਈ ਹੈ ਤਾਂ ਡੀਜੀਪੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਕੇਂਦਰ ਅਤੇ ਪੰਜਾਬ ਸਰਕਾਰ ਦਾ ਮਹਿਮਾਨ ਹੈ ਅਤੇ ਉਸ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਵਿੱਚ ਰੱਖਿਆ ਗਿਆ ਹੈ, ਉਹ ਆਪਣਾ ਨੈੱਟਵਰਕ ਚਲਾ ਰਿਹਾ ਹੈ ਅਤੇ ਜੇਲ੍ਹ ਤੋਂ ਹੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਅਦਾਲਤ ਦੇ ਇਸ ਖ਼ੁਲਾਸੇ ਤੋਂ ਬਾਅਦ ਇਨਸਾਫ਼ ਮਿਲਣ ਦੀ ਉਮੀਦ ਹੈ। ਹੁਣ ਲੱਗਦਾ ਹੈ ਕਿ ਨਿਆਂ ਜ਼ਰੂਰ ਮਿਲੇਗਾ, ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਕਹਿ ਰਹੇ ਸਨ ਕਿ ਖਰੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋਈ ਸੀ, ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।
ਜ਼ਿਕਰਯੋਗ ਹੈ ਕਿ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ, SIT ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣੀ ਰਿਪੋਰਟ ਵਿੱਚ ਇੰਟਰਵਿਊ ਸਬੰਧੀ ਖੁਲਾਸੇ ਕੀਤੇ ਹਨ। ਰਿਪੋਰਟ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਸੀਆਈਏ ਖਰੜ ਵਿੱਚ ਅਤੇ ਦੂਜਾ ਇੰਟਰਵਿਊ ਰਾਜਸਥਾਨ ਵਿੱਚ ਹੋਇਆ ਸੀ। ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਹੋ ਗਏ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਦੇ ਡੀਜੀਪੀ ਤੋਂ ਪੁੱਛਿਆ ਹੈ ਕਿ ਹੁਣ ਉਨ੍ਹਾਂ ਕੋਲ ਕੀ ਜਵਾਬ ਹੈ?
- PTC NEWS