350th Shaheedi Shtabadi ਨੂੰ ਸਮਰਪਤ ਸਹਿਜ ਪਾਠਾਂ ਦੇ ਭੋਗ ਸਮਾਗਮਾਂ 'ਚ 50,000 ਤੋਂ ਵੱਧ ਸੰਗਤ ਹੋਈ ਸ਼ਾਮਲ, ਜਥੇਦਾਰ ਸਾਹਿਬ ਨੇ ਸਿੱਖ ਕੌਮ ਨੂੰ ਦਿੱਤਾ ਹੁਕਮ
Sri Guru Tegh Bahadur Ji News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦਾ ਭੋਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ 50,000 ਤੋਂ ਵੱਧ ਸੰਗਤਾਂ ਨੇ ਨਤਮਸਤਕ ਹੋ ਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ। ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਕਰਵਾਇਆ ਗਿਆ।
ਸਮਾਗਮ ਵਿੱਚ ਪੰਜਾਬ ਦੇ ਵੱਖ–ਵੱਖ ਹਿੱਸਿਆਂ ਤੋਂ 50,000 ਤੋਂ ਵੱਧ ਸੰਗਤ ਪੁੱਜੀ। ਇਹ ਉਹ ਸੰਗਤ ਸੀ ਜਿਸ ਨੇ ਆਪਣੇ ਘਰਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠ ਰੱਖੇ ਸਨ।
ਵਿਸ਼ੇਸ਼ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਦੇ ਫ਼ਲਸਫ਼ੇ ਨੂੰ ਜੀਵਨ ਵਿੱਚ ਢਾਲਣ ਦੀ ਅਪੀਲ ਕੀਤੀ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਕਿ ਸਮੁੱਚਾ ਖਾਲਸਾ ਪੰਥ ਆਪਣੇ ਘਰਾਂ ਤੇ ਖਾਲਸਾਹੀ ਝੰਡੇ ਚਲਾਏ ਜੋ ਕਿ ਪ੍ਰਤੀਕ ਹੋਏਗਾ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਹੋਣ ਦਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ ਜਾਵੇ। ਗੁਰਬਾਣੀ ਤੋਂ ਸੇਧ ਲੈਂਦੇ ਹੋਏ ਮਜ਼ਲੂਮਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਸਿਫ਼ਾਰਸ਼ ਕੀਤੀ।
ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਸੰਗਤਾਂ ਦਾ ਜਾਹੋ-ਜਲਾਲ ਦੇਖ ਕੇ ਪ੍ਰਤੀਤ ਹੁੰਦਾ ਹੈ ਕਿ ਸਮੁੱਚਾ ਖਾਲਸਾ ਪੰਥ ਇਹ ਸ਼ਤਾਬਦੀ ਪੂਰੀ ਚੜ੍ਹਦੀ ਕਲਾ ਨਾਲ ਮਨਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਚੀਫ਼ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸਿੱਖ ਮਸ਼ੀਨਰੀ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਥੇਦਾਰ ਸੁਰਿੰਦਰ ਸਿੰਘ ਮਟੌਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
ਇਹ ਵੀ ਪੜ੍ਹੋ : Hoshiarpur News : ਸਾਬਕਾ ਕਾਂਗਰਸ ਮੰਤਰੀ ਅਰੋੜਾ ਦਾ PA ਗ੍ਰਿਫਤਾਰ, 'ਆਪ' ਵਿਧਾਇਕ ਤੇ ਮੇਅਰ ਖਿਲਾਫ਼ ਕੀਤੀਆਂ ਸਨ ਤਸਵੀਰਾਂ ਵਾਇਰਲ
- PTC NEWS