'ਫ਼ਿਲਮ 'ਸਤਲੁਜ' ਬੰਦ ਕਰਵਾਉਣ ਪਿੱਛੇ ਭਗਵੰਤ ਮਾਨ ਸਰਕਾਰ ਦਾ ਹੱਥ', MP ਹਰਸਿਮਰਤ ਕੌਰ ਬਾਦਲ ਦਾ ਵੱਡਾ ਦਾਅਵਾ
MP Harsimrat Kaur Badal : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਸਤਲੁਜ' (Panjab 95) ਦੇ ਬੀਤੇ ਦਿਨ ਭਾਰਤ 'ਚ ਮੁੜ ਪਾਬੰਦੀ ਲੱਗਣ 'ਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਬਠਿੰਡਾ (Bathinda) ਤੋਂ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਫਿਲਮ 'ਤੇ ਪਾਬੰਦੀ ਪਿੱਛੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ ਫਿਲਮ ਬੰਦ ਹੋਣ ਲਈ ਭਗਵੰਤ ਮਾਨ ਸਰਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਜਿਸ ਨੇ ਕੇਂਦਰ ਸਰਕਾਰ ਨੂੰ ਫਿਲਮ ਬੰਦ ਕਰਵਾਉਣ ਲਈ ਚਿੱਠੀ ਲਿਖੀ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਤ ਫਿਲਮ ਨੂੰ ਬੰਦ ਕਰਵਾਉਣ ਪਿੱਛੇ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਕਾਰਨ ਦੱਸਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ 'ਤੇ ਪੰਜਾਬ ਦੀ ਜਵਾਨੀ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ 34 ਐਨਕਾਊਂਟਰ ਹੋਏ ਹਨ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਹਰ ਪਿੰਡ ਵਿੱਚ ਇਹ ਫਿਲਮ ਦਿਖਾਉਣਗੇ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਕਿਸ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀਆਂ ਹਨ।
ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿੱਚ ਹਰ ਕੋਈ ਆਪਣੇ ਆਪ ਨੂੰ ਮੁੱਖ ਮੰਤਰੀ ਸਮਝਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਨਾਲ ਸੰਬੰਧਿਤ ਬੱਸ ਬਾਡੀਆਂ ਦੀ ਫਾਈਲ ਮੁੱਖ ਮੰਤਰੀ ਦਫ਼ਤਰ ਵਿੱਚ ਪਈ ਹੈ। ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਇਨ੍ਹਾਂ ਨੂੰ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਦੀ ਚਿੰਤਾ ਹੈ।
ਹਰਸਿਮਰਤ ਬਾਦਲ ਨੇ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਿੰਡਾਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਬੰਦ ਕਰਵਾ ਦਿੱਤੇ ਹਨ, ਜਿਸ ਕਾਰਨ ਗੈਰਕਾਨੂੰਨੀ ਮਾਈਨਿੰਗ ਖੁੱਲ੍ਹੇਆਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਸਿਖਰਾਂ 'ਤੇ ਪਹੁੰਚ ਚੁੱਕੇ ਹਨ ਅਤੇ ਜਨਤਾ ਨੇ ਸਰਕਾਰ ਨੂੰ ਜੋ ਜ਼ਿੰਮੇਵਾਰੀ ਦਿੱਤੀ ਸੀ, ਉਸ ਨੂੰ ਨਿਭਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ।
- PTC NEWS