MP ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋਂ ਦਾ ਕੀਤਾ ਦੌਰਾ , ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Bathinda News : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਅਕਾਲੀ ਵਰਕਰਾਂ ਅਤੇ ਆਗੂਆਂ ਦੇ ਘਰਾਂ ਵਿੱਚ ਜਾ ਕੇ ਦੁੱਖ ਸੁੱਖ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਇਆ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਲਾਕ ਸੰਮਤੀ ਅਤੇ ਜਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਸਰਕਾਰ ਵੱਲੋਂ ਬਹੁਤ ਧੱਕਾ ਕੀਤਾ ਗਿਆ ਪਰ ਉਸ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ ਅੰਦਰ ਅਕਾਲੀ ਦਲ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ, ਉਹਨਾਂ ਕਿਹਾ ਕਿ ਬਠਿੰਡਾ ਪਾਰਲੀਮੈਂਟ ਦੌਰਾਨ ਕੋਈ ਵੀ ਆਮ ਆਦਮੀ ਪਾਰਟੀ ਦਾ ਵਿਧਾਇਕ ਆਪਣੇ ਪਿੰਡ ਤੋਂ ਜਿੱਤ ਨਹੀਂ ਸਕਿਆ ਅਤੇ ਵਰਕਰਾਂ ਨੇ ਪੂਰੀ ਲੜਾਈ ਲੜੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਦਾ ਨਿਸ਼ਾਨਾ ਅਕਾਲੀ ਦਲ ਹੈ, ਦੋਵੇਂ ਪਾਰਟੀਆਂ ਨੇ ਅਕਾਲੀ ਦਲ ਖਿਲਾਫ਼ ਝੂਠਾ ਪ੍ਰਚਾਰ ਕਰਕੇ ਸੱਤਾ ਦਾ ਲਾਹਾ ਲਿਆ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹਨਾਂ ਦੀਆਂ ਸਰਕਾਰਾਂ ਦੌਰਾਨ ਪਿੰਡ ਵਿੱਚ ਕੋਈ ਵੀ ਵਿਕਾਸ ਨਹੀਂ ਹੋਏ, ਹਰ ਵਰਗ ਦੁਖੀ ਹੈ ਭਾਵੇਂ ਕਿ ਉਹ ਕਿਸਾਨ ਹੋਣ, ਮੁਲਾਜ਼ਮ ਹੋਣ, ਪੂਰੇ ਪੰਜਾਬ ਵਿੱਚ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ, ਨੌਜਵਾਨ ਸੂਬੇ ਨੂੰ ਛੱਡ ਕੇ ਬਾਹਰ ਜਾ ਰਹੇ ਹਨ ਅਤੇ ਕਾਨੂੰਨ ਵਿਵਸਥਾ ਦਾ ਜਨਾਜਾ ਨਿਕਲ ਚੁੱਕਿਆ ਹੈ। ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਬੁਰੀ ਤਰ੍ਹਾਂ ਔਖੇ ਹਨ, ਜਿਸ ਕਰਕੇ ਦੋਵੇਂ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ।
ਕਾਂਗਰਸ ਪਾਰਟੀ ਵੱਲੋਂ ਮਨਰੇਗਾ ਸਬੰਧੀ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਡਰਾਮੇਬਾਜ਼ੀ ਕਰ ਰਹੀ ਹੈ, ਜਦੋਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਬਿੱਲ ਲਿਆਂਦਾ ਗਿਆ ਸੀ ਤਾਂ ਉਸ ਸਮੇਂ ਕਾਂਗਰਸ ਵੱਲੋਂ ਲੋਕ ਸਭਾ ਵਿੱਚ ਕੋਈ ਵਿਰੋਧ ਨਹੀਂ ਕੀਤਾ ਗਿਆ। ਸਿਰਫ ਅਕਾਲੀ ਦਲ ਵੱਲੋਂ ਹੀ ਉਸ ਦੇ ਖਿਲਾਫ ਵਿਰੋਧ ਕੀਤਾ ਗਿਆ ਅਤੇ ਆਵਾਜ਼ ਉਠਾਈ ਗਈ। ਹੁਣ ਪੰਜਾਬ ਵਿੱਚ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ, ਨਾ ਹੀ ਕਾਂਗਰਸ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਖਿਲਾਫ ਕੋਈ ਪ੍ਰਦਰਸ਼ਨ ਕਰ ਰਹੀ ਹੈ ਕਿਉਂਕਿ ਦੋਵੇਂ ਪਾਰਟੀਆਂ ਰਲੀਆਂ ਹੋਈਆਂ ਹਨ।
- PTC NEWS