Wed, Jul 15, 2026
Whatsapp

ਇਥੋਪੀਆ ਵਿੱਚ ਫਸੇ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

MP Satnam Sandhu: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।

Reported by:  PTC News Desk  Edited by:  Amritpal Singh -- July 15th 2026 05:34 PM
ਇਥੋਪੀਆ ਵਿੱਚ ਫਸੇ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਇਥੋਪੀਆ ਵਿੱਚ ਫਸੇ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

MP Satnam Sandhu: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ 'ਤੇ ਇਥੋਪੀਆ ਗਏ ਸਨ, ਪਰ ਹਵਾਈ ਅੱਡੇ ਤੋਂ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੂੰ ਉੱਥੋਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਨ੍ਹਾਂ ਚਾਰ ਨੌਜਵਾਨਾਂ, ਜਿਨ੍ਹਾਂ ਵਿੱਚੋਂ ਦੋ ਪੰਜਾਬ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ, ਦੇ ਪਰਿਵਾਰ ਇਸ ਮੰਦਭਾਗੀ ਸਥਿਤੀ ਕਾਰਨ ਗੰਭੀਰ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਲਾਮਤੀ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।


ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਪੂਰਥਲਾ (ਪੰਜਾਬ) ਦੇ ਫਗਵਾੜਾ ਦੇ ਵਸਨੀਕ ਗੌਰਵ, ਗੁਰਦਾਸਪੁਰ (ਪੰਜਾਬ) ਦੇ ਕਲਾਨੌਰ ਸਥਿਤ ਰਹੀਮਾਬਾਦ ਦੇ ਵਸਨੀਕ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਵਸਨੀਕ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ।

ਸੰਸਦ ਮੈਂਬਰ ਸੰਧੂ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੈਂ ਇਥੋਪੀਆ ਵਿੱਚ ਫਸੇ ਨੌਜਵਾਨਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਮੈਂ ਖੁਦ ਇਸ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਿਹਾ ਹਾਂ।

ਸੰਧੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਜਿਹੇ ਮੁੱਦਿਆਂ 'ਤੇ ਬਹੁਤ ਸੰਵੇਦਨਸ਼ੀਲ ਹੈ। ਜਦ ਵੀ ਅਸੀਂ ਅਜਿਹੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਹਾਂ ਤਾਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਜਲਦ ਹੀ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇਗਾ।

ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਅਤੇ ਗੰਭੀਰ ਮਾਮਲਾ ਹੈ ਕਿ ਸਾਡੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਇਥੋਪੀਆ ਵਿੱਚ ਅਗਵਾ ਕਰਕੇ ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਤੋਂ ਪੈਸੇ ਤੇ ਹੋਰ ਸਮਾਨ ਵੀ ਖੋਹ ਲਿਆ ਗਿਆ। ਇਹ ਸਾਰੇ ਚਾਰੇ ਨੌਜਵਾਨ ਟੂਰਿਸਟ ਵੀਜ਼ੇ 'ਤੇ ਜਾਂ ਕਿਸੇ ਹੋਰ ਤਰੀਕੇ ਨਾਲ ਇਥੋਪੀਆ ਗਏ ਸਨ। ਪਰ ਜਦੋਂ ਇਹ ਹਵਾਈ ਅੱਡੇ ਤੋਂ ਬਾਹਰ ਨਿਕਲੇ ਤਾਂ ਅਗਵਾਕਾਰਾਂ ਨੇ, ਜਿਨ੍ਹਾਂ ਵਿੱਚੋਂ ਇੱਕ ਪੰਜਾਬੀ ਬੋਲਦਾ ਪਾਕਿਸਤਾਨੀ ਸੀ, ਉਨ੍ਹਾਂ ਨੂੰ ਹੋਟਲ ਛੱਡਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਇਸ ਤਰ੍ਹਾਂ ਉਨ੍ਹਾਂ ਨੂੰ ਗੁੰਮਰਾਹ ਕਰਕੇ ਕਿਸੇ ਹੋਰ ਥਾਂ ਲਿਜਾਇਆ ਗਿਆ, ਜਿੱਥੇ ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ। ਮੈਨੂੰ ਜੋ ਵੀਡੀਓ ਅਤੇ ਤਸਵੀਰਾਂ ਪ੍ਰਾਪਤ ਹੋਈਆਂ ਹਨ, ਉਹ ਬਹੁਤ ਹੀ ਸਨਸਨੀਖੇਜ਼ ਹਨ। ਉਨ੍ਹਾਂ ਵਿੱਚ ਨੌਜਵਾਨਾਂ ਦੀਆਂ ਬਾਹਾਂ ਅਤੇ ਲੱਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੱਗੀਆਂ ਸੱਟਾਂ ਸਾਫ਼ ਨਜ਼ਰ ਆ ਰਹੀਆਂ ਹਨ। ਮੈਂ ਮਹਿਸੂਸ ਕਰਦਾ ਹਾਂ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਮੈਂ ਤੁਰੰਤ ਇਹ ਮਾਮਲਾ ਇਥੋਪੀਆ ਵਿੱਚ ਭਾਰਤੀ ਦੂਤਾਵਾਸ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆ ਰਿਹਾ ਹਾਂ।  

ਉਨ੍ਹਾਂ ਕਿਹਾ ਕਿ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਦੇਸ਼ਾਂ ਵਿੱਚ ਜਾਣ ਵਾਲੇ ਸਾਡੇ ਨੌਜਵਾਨਾਂ ਨਾਲ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮੈਂ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾਉਣ ਲਈ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਸੀਂ ਹਰ ਸੰਭਵ ਕੋਸ਼ਿਸ਼ ਕਰਾਂਗੇ। ਪਰ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜਿੱਥੇ ਖਤਰਾ ਹੋਵੇ, ਉੱਥੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ। ਇਸ ਤੋਂ ਪਹਿਲਾਂ ਵੀ ਮੇਰੇ ਧਿਆਨ ਵਿੱਚ ਆਏ ਅਜਿਹੇ ਕਈ ਮਾਮਲਿਆਂ ਵਿੱਚ ਅਸੀਂ ਸਫ਼ਲਤਾਪੂਰਵਕ ਦਖ਼ਲ ਦਿੱਤਾ ਹੈ ਅਤੇ ਵਿਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਕਾਮਯਾਬ ਰਹੇ ਹਾਂ। ਇਸ ਵਾਰ ਵੀ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਗੌਰਵ ਸਮੇਤ ਇਹ ਚਾਰੇ ਨੌਜਵਾਨ ਸੁਰੱਖਿਅਤ ਆਪਣੇ ਮਾਪਿਆਂ ਕੋਲ ਵਾਪਸ ਪਹੁੰਚਣ। 

ਮੈਂ ਇੱਕ ਵਾਰ ਫਿਰ ਬੇਨਤੀ ਕਰਦਾ ਹਾਂ ਕਿ ਅਸੀਂ ਸਾਵਧਾਨ ਰਹੀਏ ਅਤੇ ਆਪਣੀਆਂ ਜਾਨਾਂ ਨੂੰ ਜੋਖਮ ਵਿੱਚ ਨਾ ਪਾਈਏ। ਪਰ ਇਸ ਤੋਂ ਵੀ ਵੱਡੀ ਚਿੰਤਾ ਦਾ ਵਿਸ਼ਾ ਇਹ ਹੈ ਕਿ ਅਜਿਹੇ ਹਾਲਾਤ ਕਿਉਂ ਬਣ ਗਏ ਹਨ ਕਿ ਸਾਡੇ ਨੌਜਵਾਨ ਇੰਨੇ ਵੱਡੇ ਜੋਖਮ ਉਠਾ ਕੇ ਵੀ ਪੰਜਾਬ ਛੱਡਣਾ ਚਾਹੁੰਦੇ ਹਨ। ਇਹ ਸਾਡੇ ਸਾਰਿਆਂ ਲਈ ਚਿੰਤਨ ਦਾ ਵਿਸ਼ਾ ਹੈ। ਸਾਨੂੰ ਆਪਣੇ ਸੂਬੇ ਪੰਜਾਬ ਵਿੱਚ ਅਜਿਹੇ ਮੌਕੇ ਅਤੇ ਸਹੂਲਤਾਂ ਪੈਦਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਸਾਡੇ ਨੌਜਵਾਨ ਉਸਾਰੂ ਕੰਮਾਂ ਵਿੱਚ ਜੁੜਨ ਅਤੇ ਉਨ੍ਹਾਂ ਨੂੰ ਰੋਜ਼ਗਾਰ ਜਾਂ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ। ਅੱਜ ਸਮੇਂ ਦੀ ਇਹੀ ਸਭ ਤੋਂ ਵੱਡੀ ਲੋੜ ਹੈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK