ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਨਗਰ ਕੀਰਤਨ ਸਜਾਇਆ
Baba Deep Singh Jis birth anniversary : ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਨਗਰ ਕੀਰਤਨ (Nagar Kirtan) ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।
27 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ ਮੌਕੇ ਗੁਰੂਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ ਤੇ ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਦ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
- PTC NEWS