Amritsar News : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਆਟਾ ਮੰਡੀ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਸਰਵਣ ਸਿੰਘ ਨੇ ਕੀਤਾ। ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸੇ ਦੌਰਾਨ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭਲਕੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ,ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆ, ਜਸਬੀਰ ਸਿੰਘ, ਬਲਵਿੰਦਰ ਸਿੰਘ, ਅਮਰਬੀਰ ਸਿੰਘ ਢੋਟ ਸਮੇਤ ਸੰਗਤਾਂ ਹਾਜ਼ਰ ਸਨ।
- PTC NEWS