Delhi Liquor Policy Case: 9 ਵਿਰੋਧੀ ਧਿਰ ਦੇ ਆਗੂਆਂ ਨੇ PM ਮੋਦੀ ਨੂੰ ਲਿਖਿਆ ਸਾਂਝਾ ਪੱਤਰ, ED ਤੇ CBI ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਦਾ ਚੁੱਕਿਆ ਮੁੱਦਾ
Delhi Liquor Policy Case: ਆਬਕਾਰੀ ਨੀਤੀ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਨੌਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ’ਚ ਉਨ੍ਹਾਂ ਵੱਲੋਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਨਿੰਦਾ ਕੀਤੀ ਹੈ।
Nine Opposition leaders including Arvind Kejriwal have written to PM Modi on the arrest of former Delhi deputy CM Manish Sisodia in the excise policy case. They have stated that the action appears to suggest that "we have transitioned from being a democracy to an autocracy". pic.twitter.com/ohXn3rNuxI
— ANI (@ANI) March 5, 2023
ਇਨ੍ਹਾਂ ਆਗੂਆਂ ਨੇ ਲਿਖਿਆ ਹੈ ਪੱਤਰ
ਮਿਲੀ ਜਾਣਕਾਰੀ ਮੁਤਾਬਿਕ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਨੈਸ਼ਨਲ ਕਾਨਫਰੰਸ ਦੇ ਆਗੂ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅਤੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੱਲੋਂ ਪੀਐੱਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ।
ਆਖਿਰ ਕੀ ਲਿਖਿਆ ਹੈ ਪੱਤਰ ’ਚ ?
ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਸਾਨੂੰ ਯਕੀਨ ਹੈ ਕਿ ਤੁਸੀਂ ਅਜੇ ਵੀ ਮਹਿਸੂਸ ਕਰਦੇ ਹੋ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਵਿਰੋਧੀ ਨੇਤਾਵਾਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਮਨਮਾਨੀ ਵਰਤੋਂ ਦਰਸਾਉਂਦੀ ਹੈ ਕਿ ਅਸੀਂ ਲੋਕਤੰਤਰ ਤੋਂ ਤਾਨਾਸ਼ਾਹੀ ਵਿੱਚ ਬਦਲ ਗਏ ਹਾਂ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਲੰਬੀ ਤਲਾਸ਼ ਤੋਂ ਬਾਅਦ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫਤਾਰੀ ਕਥਿਤ ਤੌਰ 'ਤੇ ਦੁਰਵਿਵਹਾਰ ਦੇ ਦੋਸ਼ਾਂ 'ਤੇ ਕੀਤੀ ਗਈ ਸੀ ਅਤੇ ਉਹ ਵੀ ਬਿਨਾਂ ਕੋਈ ਸਬੂਤ ਦਿਖਾਏ।
ਪੱਤਰ ’ਚ ਬੀਆਰਐਸ ਮੁਖੀ ਚੰਦਰਸ਼ੇਖਰ ਰਾਓ, ਜੇਕੇਐਨਸੀ ਮੁਖੀ ਫਾਰੂਕ ਅਬਦੁੱਲਾ, ਏਆਈਟੀਸੀ ਮੁਖੀ ਮਮਤਾ ਬੈਨਰਜੀ, ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕੇਂਦਰੀ ਏਜੰਸੀਆਂ ਦੇ ਵਿਗੜਦੇ ਅਕਸ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਏਜੰਸੀਆਂ ਦੀ ਨਿਰਪੱਖਤਾ 'ਤੇ ਸਵਾਲ ਚੁੱਕੇ।
ਨਾਲ ਹੀ ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਚੇਅਰਪਰਸਨ ਤੇਜਸਵੀ ਯਾਦਵ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਕੇਂਦਰ ਸਰਕਾਰ ਦੇ ਵਿਰੋਧੀ ਨੇਤਾਵਾਂ ਦੇ ਖਿਲਾਫ ਛਾਪੇਮਾਰੀ ਦਾ ਵਿਰੋਧ ਕੀਤਾ।
- PTC NEWS