Sat, Oct 24, 2026
Whatsapp

ਨਸ਼ਿਆਂ ਲਈ ਪੰਜਾਬ ਹੀ ਨਹੀਂ, ਕੇਂਦਰ ਸਰਕਾਰ ਵੀ ਬਰਾਬਰ ਜ਼ਿੰਮੇਵਾਰ-ਰਾਕੇਸ਼ ਟਿਕੈਤ

ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ

Reported by:  PTC News Desk  Edited by:  Amritpal Singh -- October 24th 2026 07:09 PM
ਨਸ਼ਿਆਂ ਲਈ ਪੰਜਾਬ ਹੀ ਨਹੀਂ, ਕੇਂਦਰ ਸਰਕਾਰ ਵੀ ਬਰਾਬਰ ਜ਼ਿੰਮੇਵਾਰ-ਰਾਕੇਸ਼ ਟਿਕੈਤ

ਨਸ਼ਿਆਂ ਲਈ ਪੰਜਾਬ ਹੀ ਨਹੀਂ, ਕੇਂਦਰ ਸਰਕਾਰ ਵੀ ਬਰਾਬਰ ਜ਼ਿੰਮੇਵਾਰ-ਰਾਕੇਸ਼ ਟਿਕੈਤ

Punjab News: ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਸਵਾਲ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ।

ਰਾਕੇਸ਼ ਟਿਕੈਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਰੋਕਣਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰਾਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰ ਹਨ ਤਾਂ ਫਿਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਅਸਰਦਾਰ ਕਾਰਵਾਈ ਕਿਉਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਐਲਾਨਾਂ ਦੀ ਥਾਂ ਜ਼ਮੀਨੀ ਪੱਧਰ ’ਤੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਕਿਸਾਨ ਆਗੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਜਿਹੜੀ ਲੜਾਈ ਸ਼ੁਰੂ ਕੀਤੀ ਸੀ, ਉਸ ਨੂੰ ਅਧਵਾਟੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਮਜ਼ਬੂਤ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਝੋਟਾ ਦੇ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵੀ ਫ਼ੈਸਲਾਕੁਨ ਕਾਰਵਾਈ ਯਕੀਨੀ ਬਣਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾਂ ਦਾ ਸਵਾਲ ਕਿਸੇ ਇੱਕ ਪਰਿਵਾਰ ਜਾਂ ਜਥੇਬੰਦੀ ਤੱਕ ਸੀਮਤ ਨਹੀਂ ਹੈ। ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਅਤੇ ਆਪਣੇ ਪੁੱਤਰ ਗੁਆ ਰਹੇ ਮਾਪਿਆਂ ਦਾ ਦਰਦ ਸਮੁੱਚੇ ਸਮਾਜ ਦਾ ਦਰਦ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਨਸ਼ਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨੀ ਪਵੇਗੀ।

ਰਾਕੇਸ਼ ਟਿਕੈਤ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲੜਾਈ ਦਾ ਅਸਲ ਮਕਸਦ ਸਿਰਫ਼ ਇੱਕ ਕਤਲ ਦਾ ਇਨਸਾਫ਼ ਹਾਸਲ ਕਰਨਾ ਹੀ ਨਹੀਂ, ਸਗੋਂ ਅਜਿਹਾ ਮਾਹੌਲ ਸਿਰਜਣਾ ਵੀ ਹੈ, ਜਿਸ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸੇ ਹੋਰ ਨੌਜਵਾਨ ਨੂੰ ਆਪਣੀ ਜਾਨ ਨਾ ਗੁਆਉਣੀ ਪਵੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ, ਜਿਸ ਵਿੱਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਸੀ ਕਿ ਉਹ ਇਨਸਾਫ਼ ਦੀ ਇਸ ਲੜਾਈ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਉਡੀਕ ਕਰ ਰਹੇ ਹਨ। ਪਰਿਵਾਰ ਵੱਲੋਂ ਕੀਤੀ ਗਈ ਇਸ ਅਪੀਲ ਤੋਂ ਬਾਅਦ ਰਾਕੇਸ਼ ਟਿਕੈਤ ਦਾ ਧਰਨੇ 'ਚ ਸ਼ਾਮਲ ਹੋਣ ਦਾ ਐਲਾਨ ਸਾਹਮਣੇ ਆਇਆ ਸੀ।

ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜੋ ਇਲਾਕੇ ਵਿੱਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਸਨ, ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੋਸ ਦੀ ਲਹਿਰ ਦੌੜ ਗਈ। ਸਥਾਨਕ ਲੋਕ, ਨਸ਼ਾ ਵਿਰੋਧੀ ਫਰੰਟ ਅਤੇ ਕਿਸਾਨ ਜਥੇਬੰਦੀਆਂ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਲਗਾਤਾਰ ਧਰਨਾ ਦੇ ਰਹੇ ਹਨ। ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK