MP ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ
MP Amarinder Singh Raja Warring News : ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ’ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵੱਲੋਂ ਐਸਸੀ ਕਮਿਸ਼ਨ ਨੂੰ ਮਾਮਲੇ ’ਚ ਦਖਲ ਨਾ ਦੇਣ ਦੇ ਵੀ ਹੁਕਮ ਦਿੱਤਾ ਹੈ।
ਦੱਸ ਦਈਏ ਕਿ ਰਾਜਾ ਵੜਿੰਗ ਨੇ ਤਰਨਤਾਰਨ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ।
ਪਟੀਸ਼ਨ ਵਿੱਚ ਵੜਿੰਗ ਨੇ ਤਰਨਤਾਰਨ ਉਪ ਚੋਣ ਪ੍ਰਚਾਰ ਦੌਰਾਨ 2 ਨਵੰਬਰ ਨੂੰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੇ ਸਬੰਧ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖੁਦਮੁਖਤਿਆਰੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਵੜਿੰਗ ਦਾ ਤਰਕ ਹੈ ਕਿ ਜਦੋਂ 4 ਨਵੰਬਰ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ, ਤਾਂ ਕਮਿਸ਼ਨ ਵੱਲੋਂ ਵੱਖਰੀ ਕਾਰਵਾਈ ਸ਼ੁਰੂ ਕਰਨਾ ਗਲਤ ਹੈ।
ਰਾਜਾ ਵੜਿੰਗ ਨੇ ਕਮਿਸ਼ਨ ਦੇ ਚੇਅਰਮੈਨ 'ਤੇ ਰਾਜਨੀਤਿਕ ਰੰਜਿਸ਼ ਦੇ ਆਧਾਰ 'ਤੇ ਕਾਰਵਾਈ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੁਣ ਲਗਾਤਾਰ ਉਨ੍ਹਾਂ ਵਿਰੁੱਧ ਬਿਆਨ ਦੇ ਰਹੇ ਹਨ।
- PTC NEWS