Pakistan Punjab Emergency : 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ 'ਚ ਸਥਿਤੀ ਤਣਾਅਪੂਰਨ , ਪੰਜਾਬ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ
Pakistan Punjab Emergency : ਬੁੱਧਵਾਰ ਸਵੇਰੇ ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤੀ ਤਣਾਅਪੂਰਨ ਹੈ। ਇਸ ਦੌਰਾਨ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪੂਰੇ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਬਿਆਨ ਅਨੁਸਾਰ ਸਾਰੇ ਵਿਦਿਅਕ ਅਦਾਰੇ ਬੁੱਧਵਾਰ ਲਈ ਬੰਦ ਕਰ ਦਿੱਤੇ ਗਏ ਹਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦੀਆਂ ਪ੍ਰਸ਼ਾਸਨਿਕ ਇਕਾਈਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਡਾਕਟਰਾਂ ਅਤੇ ਮੈਡੀਕਲ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ 'ਤੇ ਵਾਪਸ ਆਉਣ ਦੇ ਹੁਕਮ ਦਿੱਤੇ ਗਏ ਹਨ।
ਸਿਵਲ ਡਿਫੈਂਸ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਬੁਲਾਇਆ ਗਿਆ ਹੈ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਆਵੇ। ਹਮਲਿਆਂ ਤੋਂ ਤੁਰੰਤ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਿਸਨੂੰ ਹੁਣ ਅੰਸ਼ਕ ਤੌਰ 'ਤੇ ਖੋਲ੍ਹਿਆ ਜਾ ਰਿਹਾ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ - ਲਾਹੌਰ, ਮੁਲਤਾਨ, ਫੈਸਲਾਬਾਦ ਅਤੇ ਮੁਰੀਦਕੇ ਵਿੱਚ ਫੌਜ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਖਾਸ ਕਰਕੇ ਮੁਰੀਦਕੇ ਵਿੱਚ, ਜਿਸਨੂੰ ਲਸ਼ਕਰ-ਏ-ਤੋਇਬਾ ਦਾ ਵਿਚਾਰਧਾਰਕ ਗੜ੍ਹ ਮੰਨਿਆ ਜਾਂਦਾ ਹੈ, ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਹਵਾਈ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ। ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਭਾਰਤ ਦਾ ਇਹ ਆਪ੍ਰੇਸ਼ਨ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਸੀ। ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਸਥਾਨ ਸਨ ,ਜਿੱਥੋਂ ਭਾਰਤ ਵਿੱਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚੀ ਗਈ ਸੀ।
- PTC NEWS