India-Pakistan War : ਪਾਕਿਸਤਾਨ ਵੱਲੋਂ ਹਮਲੇ ਦੀ ਨਾਕਾਮ ਕੋਸ਼ਿਸ਼, ਭਾਰਤ ਨੇ ਦਿੱਤਾ ਕਰਾਰਾ ਜਵਾਬ , ਫ਼ੌਜ ਨੇ 50 ਤੋਂ ਵੱਧ ਡਰੋਨ ਕੀਤੇ ਢੇਰ
India-Pakistan War : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਇੱਕ ਵਾਰ ਫਿਰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ ਹੈ। ਵੀਰਵਾਰ ਰਾਤ ਨੂੰ ਪਾਕਿਸਤਾਨ ਨੇ ਜੰਮੂ-ਕਸ਼ਮੀਰ, ਰਾਜਸਥਾਨ, ਪੰਜਾਬ ਅਤੇ ਗੁਜਰਾਤ ਦੇ ਸਰਹੱਦੀ ਇਲਾਕਿਆਂ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਡਿਫੈਂਸ ਸਿਸਟਮ ਨੇ ਨਾਕਾਮ ਕਰ ਦਿੱਤਾ। ਇਸ ਦੌਰਾਨ ਫੌਜ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਉਨ੍ਹਾਂ ਨੇ ਦੁਸ਼ਮਣ ਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ।
ਫੌਜ ਨੇ ਕਿਹਾ ਕਿ 8 ਅਤੇ 9 ਮਈ 2025 ਦੀ ਰਾਤ ਨੂੰ ਪਾਕਿਸਤਾਨੀ ਫੌਜ ਨੇ ਪੱਛਮੀ ਸਰਹੱਦ 'ਤੇ ਇੱਕੋ ਸਮੇਂ ਕਈ ਹਮਲਿਆਂ ਦੀ ਕੋਸ਼ਿਸ਼ ਕੀਤੀ। ਪਾਕਿਸਤਾਨ ਵੱਲੋਂ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਭਾਰਤੀ ਸਰਹੱਦਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (LoC) 'ਤੇ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ।
ਫੌਜ ਦਾ ਬਿਆਨ
ਫੌਜ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ "ਆਪ੍ਰੇਸ਼ਨ ਸਿੰਦੂਰ" ਦੇ ਤਹਿਤ ਸਾਰੇ ਡਰੋਨ ਹਮਲਿਆਂ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਗਿਆ ਅਤੇ ਜੰਗਬੰਦੀ ਦੀ ਉਲੰਘਣਾ ਦਾ ਢੁਕਵਾਂ ਜਵਾਬ ਦਿੱਤਾ ਗਿਆ। ਫੌਜ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਭਾਰਤੀ ਸਰਹੱਦਾਂ ਦੀ ਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਨਾਪਾਕ ਇਰਾਦੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਭਾਰਤੀ ਫੌਜ ਨੇ ਆਪਣੇ ਬਿਆਨ ਵਿੱਚ ਕਿਹਾ, "ਅਸੀਂ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਜਵਾਬ ਤਾਕਤ ਨਾਲ ਦਿੱਤਾ ਜਾਵੇਗਾ।"
ਆਧੁਨਿਕ ਭਾਰਤੀ ਡਿਫੈਂਸ ਸਿਸਟਮ ਨੇ ਸੰਭਾਲਿਆ ਮੋਰਚਾ
ਇਸ ਕਾਰਵਾਈ ਤਹਿਤ ਜਿੱਥੇ ਇੱਕ ਪਾਸੇ ਆਧੁਨਿਕ ਭਾਰਤੀ ਡਿਫੈਂਸ ਸਿਸਟਮ ਨੇ ਸਰਹੱਦਾਂ ਦੀ ਰੱਖਿਆ ਕੀਤੀ, ਉੱਥੇ ਦੂਜੇ ਪਾਸੇ ਸੈਨਿਕਾਂ ਨੇ ਜ਼ਮੀਨ 'ਤੇ ਜ਼ਿੰਮੇਵਾਰੀ ਸੰਭਾਲੀ ਅਤੇ ਹਰ ਹਮਲੇ ਦਾ ਜਵਾਬ ਦਿੱਤਾ। ਕੰਟਰੋਲ ਰੇਖਾ 'ਤੇ ਤਾਇਨਾਤ ਬਟਾਲੀਅਨਾਂ ਨੇ ਪਾਕਿਸਤਾਨ ਦੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ ਅਤੇ ਉਸ ਦੀਆਂ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਫੌਜ ਦੇ ਇਸ ਬਿਆਨ ਤੋਂ ਬਾਅਦ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਕਰ ਦਿੱਤਾ ਗਿਆ ਹੈ। ਸਰਹੱਦੀ ਇਲਾਕਿਆਂ ਵਿੱਚ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਅੱਤਵਾਦ ਵਿਰੁੱਧ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬੁਖਲਾਏ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਜੰਮੂ ਕਸ਼ਮੀਰ ਤੋਂ ਜੈਸਲਮੇਰ ਤੱਕ ਭਾਰਤ ਦੇ ਲਗਭਗ 15 ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਫੌਜ ਨੇ ਇਨ੍ਹਾਂ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਭਾਰਤੀ ਸਰਹੱਦ ਵਿੱਚ ਦਾਖਲ ਹੋਣ ਵਾਲੇ ਡਰੋਨ, ਮਿਜ਼ਾਈਲਾਂ ਅਤੇ ਲੜਾਕੂ ਜਹਾਜ਼ਾਂ ਨੂੰ ਇੱਕ ਤੋਂ ਬਾਅਦ ਇੱਕ ਡੇਗ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਦੇਰ ਰਾਤ ਭਾਰਤੀ ਫੌਜ ਦੇ ਜਵਾਬੀ ਹਮਲੇ ਨੇ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਲ ਸੈਨਾ, ਫੌਜ ਅਤੇ ਹਵਾਈ ਸੈਨਾ ਨੇ ਸਾਂਝੇ ਤੌਰ 'ਤੇ ਕਰਾਚੀ, ਲਾਹੌਰ, ਸਿਆਲਕੋਟ ਅਤੇ ਪੇਸ਼ਾਵਰ ਸਮੇਤ ਕਈ ਸ਼ਹਿਰਾਂ ਵਿੱਚ ਤੇਜ਼ ਹਮਲੇ ਕੀਤੇ।
- PTC NEWS