Paddy Sowing News : ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਕੀਤਾ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ’ਚ ਕਦੋਂ ਮਿਲੇਗੀ ਬਿਜਲੀ
Paddy Sowing News : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਲਈ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਸ਼ਡਿਊਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਆਰ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਅਤੇ ਯਕੀਨੀ ਬਿਜਲੀ ਸਪਲਾਈ ਮਿਲ ਸਕੇ।
ਦੱਸ ਦਈਏ ਕਿ 15 ਮਈ ਤੋਂ 31 ਮਈ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (DSR) ਦੀ ਆਗਿਆ ਦਿੱਤੀ ਗਈ ਹੈ। ਜਦਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਕਿ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ) ਵਿੱਚ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋਵੇਗੀ।
ਇਸ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 5 ਜੂਨ ਤੋਂ ਬਿਜਾਈ ਸ਼ੁਰੂ ਹੋਵੇਗੀ। ਬਾਕੀ ਰਹਿੰਦੇ ਜ਼ਿਲ੍ਹਿਆਂ (ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ) ਵਿੱਚ ਬਿਜਾਈ 9 ਜੂਨ ਤੋਂ ਸ਼ੁਰੂ ਹੋਵੇਗੀ।
ਡੀਐਸਆਰ ਖੇਤਰਾਂ ਵਿੱਚ, 15 ਮਈ ਤੋਂ ਪ੍ਰਤੀ ਦਿਨ 8 ਘੰਟੇ ਬਿਜਲੀ ਸਪਲਾਈ ਸ਼ੁਰੂ ਹੋ ਗਈ ਹੈ। ਹੋਰ ਖੇਤਰਾਂ ਨੂੰ ਵੀ ਨਿਰਧਾਰਤ ਬਿਜਾਈ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਗਏ ਹਨ। ਇਹ ਕਦਮ ਖੇਤੀਬਾੜੀ ਖੇਤਰ ਦੀਆਂ ਜ਼ਰੂਰਤਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਵਿੱਚ ਸਰਕਾਰ ਦੀ ਸਰਗਰਮੀ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : Punjab Weather News : ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ: ਤੇਜ਼ ਹਵਾਵਾਂ ਵੀ ਚੱਲਣਗੀਆਂ
- PTC NEWS