Pahalgam attack : ਪਾਕਿਸਤਾਨ ਦੇ ਰੱਖਿਆ ਮੰਤਰੀ ਦਾ 'X' ਅਕਾਊਂਟ ਭਾਰਤ 'ਚ ਬੰਦ ; ਪਹਿਲਗਾਮ ਹਮਲੇ ਤੋਂ ਬਾਅਦ ਲਗਾਤਾਰ ਉਗਲ ਰਹੇ ਸੀ ਜ਼ਹਿਰ
Pahalgam attack: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ਼ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸੋਸ਼ਲ ਮੀਡੀਆ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਇਹ ਕਾਰਵਾਈ ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਗਏ ਬਿਆਨ ਨੂੰ ਲੈ ਕੇ ਕੀਤੀ ਹੈ।
ਹੁਣ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ਼ ਦਾ ਸੋਸ਼ਲ ਮੀਡੀਆ ਅਕਾਊਂਟ ਭਾਰਤ ਵਿੱਚ ਨਹੀਂ ਖੁੱਲ੍ਹ ਸਕੇਗਾ। X 'ਤੇ ਉਸਦਾ ਨਾਮ ਤਾਂ ਦਿਖਾਈ ਦੇ ਰਿਹਾ ਹੈ ਪਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਐਕਸ ਪਲੇਟਫਾਰਮ 'ਤੇ ਅਕਾਊਂਟ ਸਸਪੈਂਡ ਕਰਨ ਦੇ ਸੰਬੰਧ ਵਿੱਚ ਇਹ ਲਿਖਿਆ ਗਿਆ ਹੈ ਕਿ ਖਵਾਜਾ KhawajaMAsif ਦਾ ਅਕਾਊਂਟ ਕਾਨੂੰਨੀ ਮੰਗ ਦੇ ਕਾਰਨ ਸਸਪੈਂਡ ਕੀਤਾ ਗਿਆ ਹੈ।
ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤਾ ਸੀ ਵੱਡਾ ਬਿਆਨ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਇੱਕ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ "ਪਿਛਲੇ ਹਫ਼ਤੇ ਕਸ਼ਮੀਰ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਕਦੇ ਵੀ ਹਮਲਾ ਕਰ ਸਕਦਾ ਹੈ। ਅਸੀਂ ਆਪਣੀ ਫੌਜ ਨੂੰ ਮਜ਼ਬੂਤ ਕੀਤਾ ਹੈ ਕਿਉਂਕਿ ਹਮਲਾ ਅਜਿਹੀ ਚੀਜ਼ ਹੈ ,ਜੋ ਹੁਣ ਬਹੁਤ ਨੇੜੇ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਕੁਝ ਰਣਨੀਤਕ ਫੈਸਲੇ ਲੈਣੇ ਪੈਣਗੇ ਅਤੇ ਉਹ ਫੈਸਲੇ ਲਏ ਗਏ ਹਨ।"
ਪਹਿਲਗਾਮ ਅੱਤਵਾਦੀ ਹਮਲੇ 'ਤੇ ਬਿਆਨ ਦਿੰਦੇ ਹੋਏ ਖਵਾਜਾ ਮੁਹੰਮਦ ਆਸਿਫ ਨੇ ਕਿਹਾ ਕਿ ਭਾਰਤ ਦੀ ਬਿਆਨਬਾਜ਼ੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ ਪਾਕਿਸਤਾਨੀ ਫੌਜ ਨੇ ਸਰਕਾਰ ਨੂੰ ਭਾਰਤ ਵੱਲੋਂ ਹਮਲੇ ਦੀ ਸੰਭਾਵਨਾ ਬਾਰੇ ਸੂਚਿਤ ਕਰ ਦਿੱਤਾ ਹੈ। ਇਸ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਫਿਰ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰੇਗਾ ,ਜਦੋਂ ਦੇਸ਼ ਦੀ ਹੋਂਦ ਨੂੰ ਸਿੱਧਾ ਖ਼ਤਰਾ ਹੋਵੇ।
ਕਈ ਯੂਟਿਊਬ ਚੈਨਲਾਂ 'ਤੇ ਵੀ ਪਾਬੰਦੀ ਲਗਾਈ ਗਈ
ਭਾਰਤ ਸਰਕਾਰ ਨੇ ਕਈ ਪਾਕਿਸਤਾਨੀ ਯੂਟਿਊਬ ਚੈਨਲਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਪਾਕਿਸਤਾਨੀ ਯੂਟਿਊਬ ਚੈਨਲ ਸ੍ਰੀਨਗਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਖੁਫੀਆ ਏਜੰਸੀ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਸਨ।
- PTC NEWS