Panchayat Election 2024 : ਹਾਈਕੋਰਟ 'ਚ 5 ਹੋਰ ਪਟੀਸ਼ਨਾਂ ਦਾਖ਼ਲ, ਪੰਜਾਬ ਸਰਕਾਰ ਨੂੰ 3 ਅਕਤੂਬਰ ਤੱਕ ਰਿਕਾਰਡ ਪੇਸ਼ ਕਰਨ ਦੇ ਹੁਕਮ
Panchayat Election 2024 : ਪੰਜਾਬ ਪੰਚਾਇਤੀ ਚੋਣਾਂ ਨੂੰ ਲੈ ਕੇ ਲਗਾਤਾਰ ਪਟੀਸ਼ਨ ਦਾਖਲ ਹੋ ਰਹੀਆਂ ਹਨ। ਬੀਤੇ ਦਿਨ ਪੰਚਾਇਤੀ ਚੋਣਾਂ ਰੱਦ ਕਰਨ ਨੂੰ ਲੈ ਕੇ ਦਾਖਲ ਜਨਹਿਤ ਪਟੀਸ਼ਨ ਤੋਂ ਬਾਅਦ ਹੁਣ ਇਕੱਠੀਆਂ 5 ਪਟੀਸ਼ਨਾਂ ਰਾਖਵੇਂਕਰਨ ਨੂੰ ਲੈ ਕੇ ਦਾਖਲ ਕੀਤੀਆਂ ਗਈਆਂ ਹਨ।
ਇਨ੍ਹਾਂ ਪਟੀਸ਼ਨਾਂ 'ਤੇ ਮੰਗਲਵਾਰ ਜੱਜ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਪਰਸੋਂ ਤੱਕ ਹਾਈਕੋਰਟ 'ਚ ਰਾਖਵੇਂਕਰਨ ਸਬੰਧੀ ਪੂਰਾ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਣ ਪਟੀਸ਼ਨਾਂ 'ਤੇ ਅਗਲੀ ਸੁਣਵਾਈ 3 ਅਕਤੂਬਰ ਵੀਰਵਾਰ ਨੂੰ ਹੋਵੇਗੀ।
ਹਾਈਕੋਰਟ 'ਚ ਪਟੀਸ਼ਨਾਂ ਰਾਹੀਂ ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਹੈ ਕਿ ਰਿਜ਼ਰਵੇਸ਼ਨ ਨੂੰ ਲੈ ਕੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਰਿਜ਼ਰਵੇਸ਼ਨ ਦਾ ਗਜਟ ਨੋਟੀਫਿਕੇਸ਼ਨ ਜਾਰੀ ਹੋਣਾ ਚਾਹੀਦਾ ਸੀ, ਜੋ ਕਿ ਅਜੇ ਤੱਕ ਨਹੀਂ ਕੀਤਾ ਗਿਆ। ਇਸ 'ਤੇ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ 3 ਅਕਤੂਬਰ ਦਿਨ ਵੀਰਵਾਰ ਨੂੰ ਹਾਈ ਕੋਰਟ ਵਿੱਚ ਆਪਣਾ ਪੂਰਾ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੇ ਦਿਨੀ ਵੀ ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਸੀ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਜਨਹਿੱਤ ਪਟੀਸ਼ਨ ਰਾਹੀਂ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਨੇ ਜਲਦਬਾਜ਼ੀ ’ਚ ਨੋਟੀਫਿਕੇਸ਼ਨ ਜਾਰੀ ਕਰਦੀਆਂ ਗਲਤੀਆਂ ਕੀਤੀਆਂ ਗਈਆਂ ਹਨ। ਨੋਟੀਫਿਕੇਸ਼ਨ ਦੇ ਤਹਿਤ ਨਾਮਜ਼ਦਗੀ ਦਾਖਲ ਕਰਨ ਦੇ ਲਈ ਤਿੰਨ ਦਿਨ ਤੋਂ ਵੱਧ ਸਮੇਂ ਦੇਣ ਅਤੇ ਰਾਂਖਵੇਕਰਨ ਨੂੰ ਲੈ ਕੇ ਪਟੀਸ਼ਨਕਰਤਾ ਵੱਲੋਂ ਕਈ ਸਵਾਲ ਚੁੱਕੇ ਗਏ ਸਨ।
- PTC NEWS