Parliament Monsoon Session Day 1st : ਹੰਗਾਮੇ ਦੀ ਭੇਂਟ ਚੜ੍ਹਿਆ ਮਾਨਸੂਨ ਸੈਸ਼ਨ ਦਾ ਪਹਿਲਾ ਦਿਨ; ਦੋਵੇਂ ਹੀ ਸਦਨਾਂ ਦੀ ਕਾਰਵਾਈ ਮੁਲਤਵੀ, ਜਾਣੋ ਕਾਰਨ
Parliament Monsoon Session 2026 Day 1st : ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ, ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕੀਤੀ ਗਈ। ਵਿਰੋਧੀ ਧਿਰ ਨੇ ਦੋਵਾਂ ਸਦਨਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਨੀਟ ਪੇਪਰ ਲੀਕ, ਰਾਮ ਮੰਦਰ ਦਾਨ ਚੋਰੀ ਮਾਮਲਾ, ਅਤੇ ਜੰਤਰ-ਮੰਤਰ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਮੰਗ ਕੀਤੀ।
ਲੋਕ ਸਭਾ ’ਚ ਸ਼ਰਧਾਂਜਲੀ ਪ੍ਰਸਤਾਵ ਤੋਂ ਤੁਰੰਤ ਬਾਅਦ ਹੰਗਾਮਾ
ਲੋਕ ਸਭਾ ਵਿੱਚ ਸ਼ਰਧਾਂਜਲੀ ਪ੍ਰਸਤਾਵ ਤੋਂ ਤੁਰੰਤ ਬਾਅਦ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨਾਲ ਸਬੰਧਤ ਦਾਨ ਵਿਵਾਦ 'ਤੇ ਚਰਚਾ ਦੀ ਮੰਗ ਕੀਤੀ।
ਰਾਜ ਸਭਾ ’ਚ ਨੇ ਨੀਟ ਪੇਪਰ ਲੀਕ ਮਾਮਲੇ ’ਤੇ ਬਹਿਸ ਦੀ ਮੰਗ
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਮਲਿਕਾਰੁਜਨ ਖੜਗੇ ਨੇ ਸਰਕਾਰ 'ਤੇ ਜੰਤਰ-ਮੰਤਰ 'ਤੇ ਕਥਿਤ ਨੀਟ ਪੇਪਰ ਲੀਕ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਖਿਲਾਫ ਤਾਕਤ ਦੀ ਵਰਤੋਂ ਕਰਨ ਦਾ ਇਲਜ਼ਾਮ ਲਗਾਇਆ।
ਸਦਨ ਸ਼ੁਰੂ ਹੁੰਦੇ ਹੀ ਇਹ ਮੁੱਦਾ ਉਠਾਉਂਦੇ ਹੋਏ ਖੜਗੇ ਨੇ ਕਿਹਾ ਕਿ ਇਹ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦਾ ਮਾਮਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਹਜ਼ਾਰਾਂ ਵਿਦਿਆਰਥੀ ਜੰਤਰ-ਮੰਤਰ 'ਤੇ ਇਕੱਠੇ ਹੋਏ, ਪਰ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਸਰਕਾਰ ਵਿਦਿਆਰਥੀਆਂ 'ਤੇ ਹਮਲਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਿਵੇਂ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ, ਰਾਜ ਸਭਾ ਦੇ ਚੇਅਰਮੈਨ ਅਤੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸਦਨ ਨੂੰ ਦੁਪਹਿਰ ਤੱਕ ਮੁਲਤਵੀ ਕਰ ਦਿੱਤਾ।
ਪ੍ਰਸ਼ਨਕਾਲ ਦੌਰਾਨ ਲੋਕ ਸਭਾ ’ਚ ਮੁੜ ਹੋਇਆ ਹੰਗਾਮਾ
ਲੋਕ ਸਭਾ ਵਿੱਚ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਦੇ ਵਿਚਕਾਰ, ਸਪੀਕਰ ਓਮ ਬਿਰਲਾ ਨੇ ਕਿਹਾ ਕਿ ਕਿਰਪਾ ਕਰਕੇ ਆਪਣੀਆਂ ਸੀਟਾਂ 'ਤੇ ਬੈਠੋ। ਸਦਨ ਨੂੰ ਚਲਾਉਣ ਵਿੱਚ ਸਹਿਯੋਗ ਕਰੋ। ਹਾਲਾਂਕਿ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ ਅਤੇ ਪ੍ਰਸ਼ਨ ਕਾਲ ਦੌਰਾਨ ਸਦਨ ਦੇ ਵਿਚਕਾਰ ਹੰਗਾਮਾ ਕੀਤਾ। ਇਸ ਤੋਂ ਬਾਅਦ, ਸਪੀਕਰ ਨੇ ਸਦਨ ਨੂੰ ਮੁਲਤਵੀ ਕਰ ਦਿੱਤਾ।
ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀਆਂ ਨੂੰ ਕੀਤੀ ਸੀ ਅਪੀਲ
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਨੂੰ ਸੰਸਦ ਵਿੱਚ ਪੂਰੇ ਮਨ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜਿੱਥੇ ਤੱਥ ਹਨ, ਉੱਥੇ ਹੰਗਾਮੇ ਦੀ ਕੋਈ ਲੋੜ ਨਹੀਂ ਹੈ। ਜੇਕਰ ਤੁਹਾਡੇ ਤਰਕ ਅਤੇ ਤੱਥ ਮਜ਼ਬੂਤ ਹਨ, ਤਾਂ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਈ ਲੋੜ ਨਹੀਂ ਹੈ। ਮੈਨੂੰ ਉਮੀਦ ਹੈ ਕਿ ਸੰਸਦ ਵਿੱਚ ਚਰਚਾ ਤਰਕ ਅਤੇ ਤੱਥਾਂ 'ਤੇ ਅਧਾਰਿਤ ਹੋਵੇਗੀ। ਹਰ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਇਹ ਸੰਸਦ ਦੀ ਭੂਮਿਕਾ ਹੈ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਕਾਰਵਾਈ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।
ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਕਾਰਨ ਸੰਸਦ ਬਾਹਰ ਸੁਰੱਖਿਆ
ਦੂਜੇ ਪਾਸੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਸੋਮਵਾਰ ਨੂੰ ਸੰਸਦ ਵੱਲ ਮਾਰਚ ਦਾ ਸੱਦਾ ਦਿੱਤਾ ਹੋਇਆ ਸੀ ਜਿਸ ਦੇ ਚੱਲਦੇ ਸੰਸਦ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੀਟ ਪ੍ਰੀਖਿਆ ਵਿਵਾਦ ਨਾਲ ਨਜਿੱਠਣ ਲਈ ਅਸਤੀਫਾ ਦੇਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : Monsoon session 7 bill Listed : ਹੰਗਾਮੇ ਵਿਚਾਲੇ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ; ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਇਹ 7 ਬਿੱਲ
- PTC NEWS