'ਮਾਨਸਾ ਧਰਨੇ ’ਚ ਰਾਹੁਲ ਗਾਂਧੀ ਤੇ ਬੇਅੰਤ ਸਿੰਘ ਦਾ ਪਰਿਵਾਰ ਨਾ ਆਵੇ'; Parvinder Jhota ਦੇ ਪਰਿਵਾਰ ਨੇ ਕਿਉਂ ਕਹੀ ਇਹ ਗੱਲ ?
Parvinder Singh Jhota Case : ਨਸ਼ਿਆਂ ਵਿਰੁੱਧ ਜੰਗ ਲੜਦਿਆਂ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਖਤ ਲਹਿਜ਼ੇ ਵਿੱਚ ਕਿਹਾ ਹੈ ਕਿ ਮਾਨਸਾ ਧਰਨੇ ਵਿੱਚ ਰਾਹੁਲ ਗਾਂਧੀ (Rahul Gandhi) ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ (Ravneet Bittu) ਨਾ ਆਵੇ। ਭੀਮ ਸਿੰਘ ਨੇ ਕਿਹਾ ਹੈ ਕਿ ਮੈਂ ਸਿੱਖ ਹਾਂ, ਪੰਥ ਤੋਂ ਬਾਹਰ ਨਹੀਂ ਹੋਣਾ ਚਾਹੁੰਦਾ।
ਦੱਸ ਦਈਏ ਕਿ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ 'ਚ ਇਨਸਾਫ਼ ਮਹਾਂਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਰਾਹੁਲ ਗਾਂਧੀ ਸੰਬੋਧਨ ਕਰਨ ਆ ਰਹੇ ਹਨ।
ਜਾਣਕਾਰੀ ਅਨੁਸਾਰ, ਭੀਮ ਸਿੰਘ ਨੇ ਆਪਣੀ ਅਪੀਲ 'ਚ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕਿਸੇ ਕਿਸਮ ਦਾ ਕੋਈ ਚੰਗਾ ਜਾਂ ਮਾੜਾ ਸਬੰਧ ਨਹੀਂ ਹੈ।ਉਨ੍ਹਾਂ ਕਿਹਾ ਕਿ ਦੋ ਪਰਿਵਾਰਾਂ ਨੂੰ ਮਨਾਹੀ ਹੈ, ਇੱਕ ਇੰਦਰਾ ਗਾਂਧੀ ਦੇ ਪਰਿਵਾਰ ਵਿਚੋਂ ਅਤੇ ਦੂਜਾ ਬੇਅੰਤ ਸਿੰਘ ਦਾ ਕੋਈ ਪੋਤਾ, ਪੜਪੋਤਾ, ਜਾਂ ਐਮਪੀ ਉਨ੍ਹਾਂ ਨੂ ਮਿਲਣ ਨਾ ਆਉਣ। ਉਨ੍ਹਾਂ ਕਿਹਾ ਕਿ ਮੈਨੂੰ ਇਸ ਲਈ ਮਾਫ ਕਰੋ, ਸਿਰਫ਼ ਦੋ ਲਈ ਮਨਾਹੀ ਹੈ। ਮੈਂ ਪੰਥ ਵਿਚੋਂ ਛੇਕਿਆ ਜਾਵਾਂਗਾ, ਮੈਂ ਪੰਥ ਵਿੱਚ ਰਹਿਣਾ ਚਾਹੁੰਦਾ ਹਾਂ, ਮੈਨੂੰ ਜੀਅ ਲੈਣ ਦਿਓ।
ਪਰਿਵਾਰ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਭੀਮ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਮਿਲਣ ਦਾ ਸੁਨੇਹਾ ਆ ਰਿਹਾ ਹੈ, ਪਰ ਉਹ ਉਨ੍ਹਾਂ ਨੂੰ ਮਿਲਣਾ ਨਹੀਂ ਚਾਹੁੰਦੇ। ਉਨ੍ਹਾਂ ਨੇ ਰਵਨੀਤ ਸਿੰਘ ਬਿੱਟੂ ਨੂੰ ਵੀ ਮਿਲਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਵੀ ਧਰਨੇ ਵਿੱਚ ਨਾ ਆਉਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਰਿਵਾਰ ਵੱਲੋਂ ਧਰਨੇ ਵਿੱਚ ਕਿਸੇ ਅਜਿਹੇ ਸਿਆਸੀ ਆਗੂ ਦੀ ਸ਼ਮੂਲੀਅਤ ਨਹੀਂ ਚਾਹੀਦੀ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਜਾਂ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚੇ।
20 ਅਕਤੂਬਰ ਨੂੰ ਭਾਜਪਾ ਆਗੂਆਂ ਨਾਲ ਕੀਤੀ ਸੀ ਮੁਲਾਕਾਤ
ਦੱਸ ਦਈਏ ਕਿ ਇਸਤੋਂ ਪਹਿਲਾਂ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸ਼ਾਹ ਨਾਲ ਪਰਿਵਾਰ ਦੀ ਮੁਲਾਕਾਤ ਦੌਰਾਨ ਝੋਟਾ ਦੇ ਪਿਤਾ ਤੋਂ ਇਲਾਵਾ ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਵੀ ਹਾਜ਼ਰ ਸਨ। ਇਸ ਮੌਕੇ ਅਮਿਤ ਸ਼ਾਹ ਨੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਸੀ।
ਮੁਲਾਕਾਤ ਦੌਰਾਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਮੌਜੂਦ ਸਨ।
ਇਹ ਵੀ ਪੜ੍ਹੋ...ਰਾਜੋਆਣਾ ਕਲਾਂ ਦੇ ਗੁ: ਮੰਜੀ ਸਾਹਿਬ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਮੌਤ
- PTC NEWS