Pahalgam Attack : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਰੱਖਿਆ ਮੰਤਰੀ ,NSA, CDS ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਰਹੇ ਮੌਜੂਦ
Pahalgam Attack : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਉੱਚ ਰੱਖਿਆ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਨ੍ਹਾਂ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਤਿੰਨ ਸੈਨਾਵਾਂ ਦੇ ਮੁਖੀ ਸ਼ਾਮਲ ਸਨ। ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਵੀ ਮੀਟਿੰਗ ਦਾ ਹਿੱਸਾ ਸਨ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ,ਜਦੋਂ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਜਵਾਬੀ ਕਾਰਵਾਈ ਦੇ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਧਰਤੀ ਦੇ ਆਖਰੀ ਕੋਨੇ ਤੱਕ ਲੱਭ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਦਾ ਇਸ਼ਾਰਾ ਪਾਕਿਸਤਾਨ ਵੱਲ ਸੀ, ਕਿਉਂਕਿ ਪਾਕਿਸਤਾਨ ਦਾ ਭਾਰਤ ਵਿੱਚ ਅੱਤਵਾਦ ਫੈਲਾਉਣ ਦਾ ਇਤਿਹਾਸ ਰਿਹਾ ਹੈ।
ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਸੀ। ਇਸ ਵਿੱਚ ਵਿਰੋਧੀ ਪਾਰਟੀਆਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਅੱਤਵਾਦੀਆਂ ਵਿਰੁੱਧ ਕੀਤੀ ਗਈ ਕਿਸੇ ਵੀ ਕਾਰਵਾਈ ਦਾ ਪੂਰਾ ਸਮਰਥਨ ਕਰਨਗੇ। ਹਮਲੇ ਤੋਂ ਅਗਲੇ ਦਿਨ ਕੈਬਨਿਟ ਸੁਰੱਖਿਆ ਕਮੇਟੀ (ਸੀਸੀਐਸ) ਦੀ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਅੱਤਵਾਦੀ ਹਮਲੇ ਦੇ ਤਾਰ ਸਰਹੱਦ ਪਾਰੋਂ ਜੁੜੇ ਹੋਏ ਹਨ।
- PTC NEWS