ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਬਜ਼ੁਰਗ ਤੇ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਚ ਪੁਲਿਸ ਤੁਰੰਤ ਕਰੇ ਸਖ਼ਤ ਕਾਰਵਾਈ : ਜਥੇਦਾਰ ਕੁਲਦੀਪ ਸਿੰਘ ਗੜਗੱਜ
Amritsar News : ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਇੱਕ ਗੁਰਸਿੱਖ ਕਿਰਤੀ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਨੂੰ ਇਨ੍ਹਾਂ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ਉੱਤੇ ਆਪਣੀ ਕਿਰਤ ਕਰ ਰਹੇ ਗੁਰਸਿੱਖ ਬਜ਼ੁਰਗ ਸ. ਜਗਤਾਰ ਸਿੰਘ ਨਾਲ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਉਨ੍ਹਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਅਮਨ ਸ਼ਾਂਤੀ ਤੇ ਸੁਰੱਖਿਅਤ ਮਾਹੌਲ ਵਿੱਚ ਆਪਣੀ ਕਿਰਤ ਵੀ ਨਹੀਂ ਕਰ ਸਕਦੇ ਤਾਂ ਉਹ ਕਿੱਥੇ ਜਾਣ। ਇਸ ਮਾਮਲੇ ਵਿੱਚ ਜਥੇਦਾਰ ਗੜਗੱਜ ਨੇ ਸਕੱਤਰੇਤ ਦੇ ਅਧਿਕਾਰੀਆਂ ਰਾਹੀਂ ਬਠਿੰਡਾ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨਾਲ ਰਾਬਤਾ ਕਰਕੇ ਆਖਿਆ ਹੈ ਕਿ ਪੁਲਿਸ ਦੋਸ਼ੀ ਵਿਅਕਤੀ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ।
ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਉਪਰੰਤ ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨਾਲ ਵੀ ਗੱਲਬਾਤ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਦੀ ਭਾਵਨਾ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਸਖ਼ਤ ਕਾਰਵਾਈ ਨਾ ਕੀਤੀ ਤਾਂ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਸ੍ਰੀ ਮੁਕਤਸਰ ਸਾਹਿਬ ਦੀ ਘਟਨਾ ਦੇ ਮਾਮਲੇ ਵਿੱਚ ਸਬੰਧਤ ਸਿੱਖ ਨੌਜਵਾਨ ਨਾਲ ਗੱਲਬਾਤ ਕਰਨ ਅਤੇ ਉਸ ਦਾ ਹਾਲ ਜਾਣਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮੈਨੇਜਰ ਸ. ਬਲਦੇਵ ਸਿੰਘ ਆਪਣੀ ਟੀਮ ਸਮੇਤ ਵੀ ਪੁੱਜੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਖ਼ਾਸਕਰ ਸਿੱਖਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਨੂੰ ਸੱਟ ਨਾ ਵੱਜਣ ਦੇਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾਂਦੇ ਹਨ ਪਰ ਇਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
- PTC NEWS