Parkash Singh Badal: ਜਾਣੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਰਾਜਨੀਤਿਕ ਸਫ਼ਰ
Parkash Singh Badal: ਸਿਆਸਤ ਦੇ ਇਤਿਹਾਸ 'ਚ ਜਦੋਂ ਵੀ ਪੰਜਾਬ ਦੀ ਸਿਆਸਤ ਦੀ ਗੱਲ ਹੁੰਦੀ ਹੈ ਤਾਂ ਇਹ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਸ਼ੁਰੂ ਨਹੀਂ ਹੁੰਦੀ ਅਤੇ ਇਸ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਲਏ ਬਿਨਾਂ ਖ਼ਤਮ ਨਹੀਂ ਹੁੰਦੀ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੰਗਲਵਾਰ ਰਾਤ ਕਰੀਬ 8.30 ਵਜੇ ਆਖਰੀ ਸਾਹ ਲਿਆ।
ਸਰਦਾਰ ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਪਿਛਲੇ ਹਫ਼ਤੇ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਤੱਕ ਸਿਆਸਤ 'ਚ ਸਰਗਰਮ ਰਹੇ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਬੇਦਾਗ ਬਾਦਸ਼ਾਹ ਰਹੇ ਹਨ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਮਾਲਵੇ ਨੇੜੇ ਪਿੰਡ ਅਬੁਲ ਖੁਰਾਣਾ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਰਘੂਰਾਜ ਸਿੰਘ ਅਤੇ ਮਾਤਾ ਸੁੰਦਰੀ ਕੌਰ ਸਨ। 1959 'ਚ ਉਨ੍ਹਾਂ ਨੇ ਸੁਰਿੰਦਰ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਬਾਦਲ ਜੋੜੇ ਦੇ ਦੋ ਬੱਚੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਨੀਤ ਕੌਰ ਸਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਕਾਰਨ 2011 'ਚ ਮੌਤ ਹੋ ਗਈ ਸੀ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 1947 'ਚ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ। ਇਕ ਵਾਰ ਜਦੋਂ ਉਨ੍ਹਾਂ ਨੇ ਇਸ ਖੇਤਰ 'ਚ ਕਦਮ ਰੱਖਿਆ ਤਾਂ ਪਿੱਛੇ ਮੁੜ ਕੇ ਨਹੀਂ ਦੇਖਿਆ। 1957 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਅਤੇ ਉਸ ਤੋਂ ਬਾਅਦ 1969 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਵਿਧਾਨ ਸਭਾ ਲਈ ਚੁਣੇ ਗਏ। ਉਨ੍ਹਾਂ ਨੇ ਪੰਜਾਬ ਤੋਂ ਹੀ ਰਾਜਨੀਤੀ ਕੀਤੀ, ਪਰ ਸਾਲ 1977 'ਚ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਸਰਕਾਰ 'ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ।
ਸਰਦਾਰ ਪ੍ਰਕਾਸ਼ ਸਿੰਘ ਬਾਦਲ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 'ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 1977 'ਚ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਚੁਣੇ ਗਏ। 20 ਸਾਲਾਂ ਬਾਅਦ ਉਨ੍ਹਾਂ ਨੇ ਮੁੜ ਸੱਤਾ ਦੀ ਵਾਗਡੋਰ ਸੰਭਾਲੀ।
ਸਾਲ 1957 ਤੋਂ ਇਲਾਵਾ 1969 ਤੋਂ ਉਹ ਲਗਾਤਾਰ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਜਿੱਤਦੇ ਆ ਰਹੇ ਸਨ, ਹਾਲਾਂਕਿ 1992 'ਚ ਉਹ ਇਕ ਵਾਰ ਵੀ ਵਿਧਾਇਕ ਨਹੀਂ ਬਣੇ, ਕਿਉਂਕਿ ਅਕਾਲੀ ਦਲ ਵੱਲੋਂ ਉਸ ਸਾਲ ਚੋਣਾਂ ਦਾ ਬਾਈਕਾਟ ਕਰ ਦਿੱਤਾ ਸੀ। ਹਾਲਾਂਕਿ ਪਿਛਲੇ ਸਾਲ ਜਦੋਂ ਸਰਦਾਰ ਪ੍ਰਕਾਸ਼ ਬਾਦਲ ਨੇ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ ਤਾਂ ਉਨ੍ਹਾਂ ਨੂੰ ਇੱਥੇ 'ਆਪ' ਉਮੀਦਵਾਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਦੱਸ ਦਈਏ ਕਿ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਪਰ ਅੱਜ ਮੰਗਲਵਾਰ ਸ਼ਾਮ 8.28 ਵਜੇ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।
- PTC NEWS