HSGMC New President: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ
HSGMC New President: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵੱਡੀ ਹਲਚਲ ਹੁੰਦੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਵੱਲੋਂ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌੰਪੇ ਗਏ ਹਨ। ਦੋਹਾਂ ਦੇ ਅਸਤੀਫਾ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਏ ਗਏ ਹਨ।
ਦੱਸ ਦਈਏ ਕਿ ਸੂਬਾ ਸਰਕਾਰ ਨੇ ਹਰਿਆਣਾ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ, ਪਰ ਇਸ ਤੋਂ ਪਹਿਲਾਂ ਹੀ ਹੁਣ ਮਾਮਲਾ ਹੋਰ ਵੀ ਜਿਆਦਾ ਮੁਸ਼ਕਿਲਾਂ ’ਚ ਪੈ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਪ੍ਰਧਾਨ ਅਤੇ ਜਨਰਲ ਸਕੱਤਰ ਵਿਚਾਲੇ ਟਕਰਾਅ ਚੱਲ ਰਿਹਾ ਸੀ। ਗੁਰਵਿੰਦਰ ਸਿੰਘ ਧਮੀਜਾ ਕਵੀ ਮਹੰਤ ਦੇ ਸਭ ਤੋਂ ਖਾਸ ਸੀ।
ਭੁਪਿੰਦਰ ਸਿੰਘ ਅਸੰਧ ਨੇ ਵੀ ਦਿੱਤਾ ਅਸਤੀਫਾ
ਦੂਜੇ ਪਾਸੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਬਦਲਾਅ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਅਸੰਧ ਦੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸੀ।
ਇਸ ਕਾਰਨ ਭਖਿਆ ਹੋਇਆ ਹੈ ਮਾਮਲਾ
ਮਿਲੀ ਜਾਣਕਾਰੀ ਮੁਤਾਬਿਕ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਵਿੱਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਇਤਰਾਜ਼ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਣ ’ਤੇ ਇਹ ਮਾਮਲਾ ਸਿੱਖ ਸਿਆਸਤ ਵਿੱਚ ਗਰਮਾਇਆ ਹੋਇਆ ਹੈ।
ਇਨ੍ਹਾਂ ਨਾਵਾਂ ਦੀ ਹੋ ਰਹੀ ਹੈ ਚਰਚਾ
ਦੱਸ ਦਈਏ ਕਿ ਹਰਿਆਣਾ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ’ਚ ਭੁਪਿੰਦਰ ਸਿੰਘ ਅਸੰਧ, ਬਲਜੀਤ ਸਿੰਘ ਦਾਦੁਵਾਲ, ਬੀਬੀ ਕਰਤਾਰ ਕੌਰ ਸਮੇਤ ਕਈ ਨਾਵਾਂ ਦੀ ਚਰਚਾ ਹੋ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਐਚਐਸਜੀਐਮਸੀ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ।
ਇਹ ਵੀ ਪੜ੍ਹੋ: PU Elections 2023: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਸਖ਼ਤ, ਇੱਥੇ ਪੜ੍ਹੋ ਪੂਰੀ ਜਾਣਕਾਰੀ
- PTC NEWS