PRTC ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ; 5 ਨੰਬਰ ਨੂੰ ਸੰਗਰੂਰ 'ਚ CM ਰਿਹਾਇਸ਼ ਦੇ ਘਿਰਾਓ ਨੂੰ ਵੀ ਦਿੱਤਾ ਸਮਰਥਨ
PRTC Strike News : ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਐਤਵਾਰ ਨੂੰ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਲੁਧਿਆਣਾ ਦੇ ਈਸੜੂ ਭਵਨ ਵਿਖੇ ਮੀਟਿੰਗ ਵਿੱਚ ਸਮੂਹ ਡਿਪੂਆਂ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਲਾਗੂ ਨਾ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਬੋਲਦਿਆਂ ਕਿਹਾ ਕਿ ਮਿਤੀ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਅਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ...AAP 'ਚ ਬਗ਼ਾਵਤ ਕਿਉਂ ?
ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਅਹਿਮ ਭਰੋਸੇ ਦਿੱਤੇ ਗਏ ਸਨ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਏ ਜਾਣਗੇ। ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਬਿੱਲ/ਐਕਟ ਅਨੁਸਾਰ ਕੰਟਰੈਕਟ 'ਤੇ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਮੁਲਾਜ਼ਮਾਂ ਉੱਪਰ ਦਰਜ ਪਰਚੇ ਰੱਦ ਕਰਨ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਕੰਟਰੈਕਟ ਵਿੱਚ ਸ਼ਾਮਲ ਕਰਨ ਸਬੰਧੀ ਦੂਜੀ ਕਮੇਟੀ ਰਾਹੀਂ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
5 ਨਵੰਬਰ ਤੋਂ ਸੰਘਰਸ਼ ਦਾ ਐਲਾਨ
ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ, ਜੋਧ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਮੀਟਿੰਗਾਂ ਵਿੱਚ ਭਰੋਸੇ ਦੇ ਕੇ ਮੰਗਾਂ ਨੂੰ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਧੋਖਾ ਹੈ। ਜਿਸ ਦੇ ਰੋਸ ਵਜੋਂ ਜੱਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 5 ਨਵੰਬਰ ਨੂੰ ਦਿੜਬੇ ਵਿਖੇ ਭਰਵੀ ਗਿਣਤੀ ਨਾਲ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 8 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 10 ਨਵੰਬਰ ਪੰਜਾਬ ਦੇ ਸਮੂਹ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ
ਆਗੂਆਂ ਨੇ ਕਿਹਾ ਕਿ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੱਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਹੱਲ ਕਰੇ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਕਰਨ ਦੇ ਹੁਕਮ ਜਾਰੀ ਕਰੇ, ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਵਿੱਚ ਪਾਸ ਕਰਵਾ ਕੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਕਰੇ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਪਰਚੇ ਰੱਦ ਕਰੇ।
ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿਕੇ, ਬਲਜਿੰਦਰ ਸਿੰਘ, ਜਲੋਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਹੁਣ ਸਰਕਾਰ ਦੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ। ਜੇਕਰ ਸਰਕਾਰ ਨੇ ਮੰਗਾਂ ਦਾ ਉਲੀਕੇ ਐਕਸ਼ਨਨਾਂ ਤੋਂ ਪਹਿਲਾਂ ਤਰੁੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ।
ਇਸ ਮੌਕੇ ਭਗਤ ਸਿੰਘ, ਹਰਪ੍ਰੀਤ ਸਿੰਘ ਸੋਢੀ ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਸੁਲੱਖਣ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਵਜੀਰ ਸਿੰਘ, ਇੰਦਰਜੀਤ ਸਿੰਘ, ਸਨੀ, ਹਰਵਿੰਦਰ ਸਿੰਘ, ਸੁਖਪਾਲ ਸਿੰਘ, ਗੁਰਬਾਜ ਸਿੰਘ, ਭੁੱਲਰ ਬਠਿੰਡਾ ਰਿਕੂ ਪਠਾਨਕੋਟ ਸਮੇਤ ਆਦਿ ਆਗੂਆਂ ਅਤੇ ਡਿਪੂ ਕਮੇਟੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ...'Kuldeep Singh Dhaliwal ਵੀ...'
ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ
- PTC NEWS