Bikram Majithia ਦੀ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ,ਜਵਾਬ ਨਾ ਦਾਖਲ ਕਰਨ 'ਤੇ ਸਰਕਾਰ ਨੂੰ ਪਾਈ ਝਾੜ
Bikram Majithia News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ ਸੀ ਪਰ ਪੰਜਾਬ ਸਰਕਾਰ ਨੇ ਹੋਰ ਸਮਾਂ ਮੰਗਿਆ ਹੈ।
ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਤੁਸੀਂ ਅਜੇ ਤੱਕ ਜਵਾਬ ਕਿਉਂ ਨਹੀਂ ਦਾਇਰ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਤੁਸੀਂ ਪਹਿਲਾਂ ਹੀ ਚਲਾਨ ਦਾਇਰ ਕਰ ਚੁੱਕੇ ਹੋ, ਹੁਣ ਤੁਹਾਡੇ ਜਵਾਬ ਦੀ ਕੋਈ ਲੋੜ ਨਹੀਂ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹਨ। ਇਸਦੇ ਚੱਲਦਿਆਂ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨੀਂ ਰੈਗੂਲਰ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 29 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਧਿਆਨ ਰਹੇ ਕਿ ਜ਼ਿਲ੍ਹਾ ਅਦਾਲਤ ਵਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਇਸੇ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 14 ਅਕਤੂਬਰ ਤੱਕ ਜਵਾਬ ਅਤੇ ਮਾਮਲੇ ’ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ ਪਰ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਨਹੀਂ ਕੀਤਾ। ਦੱਸਣਯੋਗ ਹੈ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂੁਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਨਾਭਾ ਦੀ ਜੇਲ੍ਹ ਵਿਚ ਬੰਦ ਹਨ।
- PTC NEWS