ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ 5 ਰਾਜਾਂ ਦੀਆਂ ਚੋਣਾਂ ਨੂੰ ਲੈ ਕੇ ਨਿਰਦੇਸ਼ ਜਾਰੀ
Punjab Assembly Elections : ਭਾਰਤ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਗੋਆ, ਮਣੀਪੁਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਡਿਊਟੀ ਨਾਲ ਸਿੱਧੇ ਤੌਰ ’ਤੇ ਜੁੜੇ ਅਧਿਕਾਰੀਆਂ ਦੀ ਤਾਇਨਾਤੀ ਅਤੇ ਤਬਾਦਲੇ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।
ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਸੂਬਿਆਂ ਦੀਆਂ ਮੌਜੂਦਾ ਵਿਧਾਨ ਸਭਾਵਾਂ ਦਾ ਕਾਰਜਕਾਲ ਜਲਦ ਖਤਮ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਕਾਰਜਕਾਲ 16 ਮਾਰਚ 2027 ਤੱਕ ਹੈ।
ਕਮਿਸ਼ਨ ਦੇ ਹੁਕਮਾਂ ਮੁਤਾਬਕ ਕੋਈ ਵੀ ਅਧਿਕਾਰੀ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਰਹਿ ਸਕੇਗਾ। ਇਸ ਤੋਂ ਇਲਾਵਾ ਜਿਹੜੇ ਅਧਿਕਾਰੀ ਪਿਛਲੇ 4 ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ਵਿੱਚ 3 ਸਾਲ ਪੂਰੇ ਕਰ ਚੁੱਕੇ ਹਨ ਜਾਂ 31 ਮਾਰਚ 2027 ਤੱਕ 3 ਸਾਲ ਪੂਰੇ ਕਰ ਲੈਣਗੇ, ਉਨ੍ਹਾਂ ਦਾ ਵੀ ਤਬਾਦਲਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ :
Patiala ਨਗਰ ਨਿਗਮ ਦੇ 28 ਵਾਰਡਾਂ 'ਚ ਮੁੜ ਹੋਣਗੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ
ਇਹ ਹੁਕਮ ਚੋਣਾਂ ਦੇ ਕੰਮ ਨਾਲ ਸਿੱਧੇ ਤੌਰ ’ਤੇ ਜੁੜੇ ਅਧਿਕਾਰੀਆਂ ’ਤੇ ਲਾਗੂ ਹੋਣਗੇ। ਇਨ੍ਹਾਂ ਵਿੱਚ ਚੋਣ ਡਿਊਟੀ ਨਾਲ ਸਬੰਧਤ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਇਹ ਨਿਰਦੇਸ਼ ਸਬੰਧਤ ਪੁਲਿਸ, ਆਬਕਾਰੀ ਅਤੇ ਟਰਾਂਸਪੋਰਟ ਵਿਭਾਗਾਂ ਦੇ ਅਧਿਕਾਰੀਆਂ 'ਤੇ ਵੀ ਲਾਗੂ ਹੋਣਗੇ। ਆਪਣੇ ਸਰਕਾਰੀ ਫਰਜ਼ਾਂ ਨਾਲ ਸਬੰਧਤ ਅਦਾਲਤ ਵਿੱਚ ਚੱਲ ਰਹੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਨਹੀਂ ਸੌਂਪੀਆਂ ਜਾਣਗੀਆਂ।

ਕਮਿਸ਼ਨ ਨੇ ਸੂਬਾ ਸਰਕਾਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਚੋਣ ਅਧਿਕਾਰੀ, ਰਿਟਰਨਿੰਗ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀ ਵਰਗੇ ਅਹੁਦਿਆਂ ’ਤੇ ਤਾਇਨਾਤੀ ਕਰਦੇ ਸਮੇਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦਾ ਇਹ ਕਦਮ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਤਿਆਰੀ ਦਾ ਹਿੱਸਾ ਹੈ।
ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚ ਗਈ ਹੈ। ਕਮਿਸ਼ਨ ਦੀ ਇਹ 10 ਮੈਂਬਰੀ ਟੀਮ ਅੱਜ (27 ਅਕਤੂਬਰ) ਅਤੇ ਕੱਲ੍ਹ (28 ਅਕਤੂਬਰ) ਨੂੰ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਨਿਕ ਅਤੇ ਸੁਰੱਖਿਆ ਨਾਲ ਸਬੰਧਤ ਤਿਆਰੀਆਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈ ਰਹੀ ਹੈ।
ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ ਅਤੇ ਡਾਇਰੈਕਟਰ ਜਨਰਲਾਂ ਦੀ ਅਗਵਾਈ ਵਾਲੀ ਟੀਮ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਅਤੇ ਰਾਜ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕਰੇਗੀ।
ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਚੋਣ ਕਮਿਸ਼ਨ ਦੇ ਅਧਿਕਾਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ, ਵੋਟਰ ਸੂਚੀ ਸੋਧ ਅਤੇ ਪੋਲਿੰਗ ਬੂਥਾਂ 'ਤੇ ਪ੍ਰਬੰਧਾਂ ਦਾ ਨੇੜਿਓਂ ਨਿਰੀਖਣ ਕਰਨਗੇ। ਚੋਣ ਐਲਾਨ ਤੋਂ ਪਹਿਲਾਂ ਕਮਿਸ਼ਨ ਦੀ ਟੀਮ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਟੀਮ ਦੇ ਦੌਰੇ ਤੋਂ ਬਾਅਦ ਪੰਜਾਬ ਵਿੱਚ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸ ਵੇਲੇ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਸਮਾਂ-ਸਾਰਣੀ ਬਣੀ ਰਹਿੰਦੀ ਹੈ, ਤਾਂ ਚੋਣ ਦਾ ਐਲਾਨ 15 ਦਸੰਬਰ ਤੋਂ ਬਾਅਦ ਕੀਤਾ ਜਾਵੇਗਾ। ਵੋਟਿੰਗ ਫਰਵਰੀ ਵਿੱਚ ਹੋ ਸਕਦੀ ਹੈ।
ਹਾਲਾਂਕਿ, ਜੇਕਰ ਅਸੀਂ 2022 ਦੀਆਂ ਚੋਣਾਂ ਦੇ ਰੁਝਾਨ 'ਤੇ ਨਜ਼ਰ ਮਾਰੀਏ ਤਾਂ ਚੋਣ ਕਮਿਸ਼ਨਰ ਦੇ ਦੌਰੇ ਤੋਂ ਕੁਝ ਦਿਨ ਬਾਅਦ ਹੀ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਕਮਿਸ਼ਨ ਦੀ ਟੀਮ ਨੇ 15-16 ਦਸੰਬਰ 2021 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਚੋਣ ਦਾ ਐਲਾਨ 24 ਦਿਨਾਂ ਬਾਅਦ ਯਾਨੀ 8 ਜਨਵਰੀ 2022 ਨੂੰ ਕੀਤਾ ਗਿਆ ਸੀ। ਵੋਟਾਂ 20 ਫਰਵਰੀ ਨੂੰ ਹੋਈਆਂ, ਜਿਸ ਤੋਂ ਬਾਅਦ 10 ਮਾਰਚ ਨੂੰ ਗਿਣਤੀ ਹੋਈ ਸੀ। ਪੰਜਾਬ ਵਿੱਚ ਮੁੱਖ ਮੰਤਰੀ ਦਾ ਕਾਰਜਕਾਲ ਮਾਰਚ ਤੱਕ ਰਹਿੰਦਾ ਹੈ। ਉਸ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਪੂਰੀ ਹੋ ਜਾਵੇਗੀ।
- PTC NEWS