Bhakra Canal Water : ਪੰਜਾਬ ਸਰਕਾਰ ਨੇ ਰੋਕਿਆ ਹਰਿਆਣਾ ਦਾ ਪਾਣੀ, ਸੀਐਮ ਮਾਨ ਨੇ ਕਿਹਾ- ਸਾਡੇ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ , ਹਰਿਆਣਾ ਸਰਕਾਰ ਨੇ ਜਤਾਇਆ ਇਤਰਾਜ
Bhakra Canal Water : ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਟਕਰਾਅ ਹੋਇਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਘਟਾ ਦਿੱਤਾ ਹੈ। ਪਹਿਲਾਂ ਹਰਿਆਣਾ ਨੂੰ ਰੋਜ਼ਾਨਾ 9.5 ਹਜ਼ਾਰ ਕਿਊਸਿਕ ਪਾਣੀ ਮਿਲ ਰਿਹਾ ਸੀ। ਹੁਣ ਇਸਨੂੰ ਘਟਾ ਕੇ 4 ਹਜ਼ਾਰ ਕਿਊਸਿਕ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਦਬਾਅ ਪਾ ਰਹੀ ਹੈ, ਜਦੋਂਕਿ ਹਰਿਆਣਾ ਸਰਕਾਰ 2 ਮਹੀਨੇ ਪਹਿਲਾਂ ਹੀ ਆਪਣਾ ਸਾਰਾ ਪਾਣੀ ਦਾ ਕੋਟਾ ਵਰਤ ਚੁੱਕੀ ਹੈ। ਜੇਕਰ ਕੇਂਦਰ ਸਰਕਾਰ ਹਰਿਆਣਾ ਨੂੰ ਪਾਣੀ ਦੇਣਾ ਚਾਹੁੰਦੀ ਹੈ ਤਾਂ ਤਾਂ ਪਾਕਿਸਤਾਨ ਜਾਣ ਤੋਂ ਜੋ ਪਾਣੀ ਰੋਕਿਆ ਹੈ ,ਉਹ ਪੰਜਾਬ ਦੇ ਡੈਮਾਂ ਵਿੱਚ ਛੱਡ ਦੇਣ। ਉਸਨੂੰ ਅਸੀਂ ਅੱਗੇ ਹਰਿਆਣਾ ਨੂੰ ਦੇ ਦੇਵਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਪਾਣੀ ਦੀ ਲੋੜ ਹੈ, ਇਸ ਵੇਲੇ ਝੋਨੇ ਦੇ ਸੀਜ਼ਨ ਲਈ ਪੰਜਾਬ ਨੂੰ ਪਾਣੀ ਦੀ ਬਹੁਤ ਲੋੜ ਹੈ। ਆਪਣੇ ਹਿੱਸੇ ਦਾ ਪਾਣੀ ਵਰਤ ਰਹੇ ਹਾਂ, ਫਿਰ ਵੀ ਅਸੀਂ ਮਨੁੱਖਤਾ ਦੇ ਨਾਤੇ ਹਰਿਆਣਾ ਨੂੰ ਪੀਣ ਲਈ 4000 ਕਿਊਸਿਕ ਪਾਣੀ ਦੇ ਰਹੇ ਹਾਂ। ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਸ਼ਰਤਾਂ ਅਨੁਸਾਰ ਪਾਣੀ ਦੇਣ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਸਰਕਾਰ ਕੇਂਦਰ ਕੋਲ ਪਹੁੰਚੀ ਹੈ। ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਹਰਿਆਣਾ ਵਿੱਚ ਪਾਣੀ ਸੰਕਟ ਦੀ ਸਥਿਤੀ ਬਾਰੇ ਚਰਚਾ ਕੀਤੀ। ਹੁਣ ਸੰਭਾਵਨਾ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਦਖਲ ਦੇਵੇਗੀ ਅਤੇ ਪੰਜਾਬ ਸਰਕਾਰ ਨਾਲ ਗੱਲ ਕਰਕੇ ਮਸਲਾ ਹੱਲ ਕਰਵਾਏਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ। ਪੀਣ ਅਤੇ ਸਿੰਚਾਈ ਲਈ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਕਰੀਬ 15 ਦਿਨ ਪਹਿਲਾਂ ਪਾਣੀ ਦੀ ਇਹ ਕਟੌਤੀ ਕੀਤੀ ਹੈ। 20 ਮਈ ਤੱਕ ਸੂਬੇ ‘ਚ ਪਾਣੀ ਦੀ ਕਮੀ ਨਜ਼ਰ ਆਉਣ ਲੱਗ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫੈਸਲੇ ਕਾਰਨ ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਪਾਣੀ ਦੀ ਕਿੱਲਤ ਪੈਦਾ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਸਾਰ, ਫਤਿਹਾਬਾਦ, ਸਿਰਸਾ, ਰੋਹਤਕ, ਮਹਿੰਦਰਗੜ੍ਹ ਸ਼ਾਮਲ ਹਨ।
- PTC NEWS