Anandpur Sahib News : ਸੂਬੇ ਦੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਦਾ ਕੀਤਾ ਘਿਰਾਓ
Anandpur Sahib News : ਪਿਛਲੇ 6 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਨੂੰ ਲੈ ਕੇ ਸੂਬੇ ਦੇ 136 ਏਡਿਡ ਕਾਲਜਾਂ ਦੇ ਹਜ਼ਾਰਾਂ ਪ੍ਰੋਫੈਸਰਾਂ ਨੇ ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੇ ਬੈਨਰ ਹੇਠ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰਾ ਵਿੱਚ ਜੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਪ੍ਰੋਫੈਸਰਾਂ ਨੇ ਸਰਕਾਰ ਵਿਰੁੱਧ ਨਾਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਰੋਸ ਮਾਰਚ ਵੀ ਕੱਢਿਆ।
ਆਲ ਇੰਡੀਆ ਫੈਡਰੇਸ਼ਨ ਆਫ ਕਾਲਜ ਐਂਡ ਯੂਨੀਵਰਸਿਟੀ ਟੀਚਰਜ਼ ਦੇ ਵਾਈਸ ਪ੍ਰੈਜ਼ੀਡੈਂਟ ਡਾ. ਵਿਨੇ ਸੋਫਤ ਨੇ ਭਗਵੰਤ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਅਰੇ ਲਗਾਉਣ ਵਾਲੀ ਸਰਕਾਰ ਨੇ ਰਾਸ਼ਟਰ ਨਿਰਮਾਤਾ ਪ੍ਰੋਫੈਸਰਾਂ ਨੂੰ ਛੇ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝਾ ਕਰਕੇ ਦਾਲ-ਰੋਟੀ ਤੋਂ ਵੀ ਮੁਹਤਾਜ਼ ਕਰ ਦਿੱਤਾ ਹੈ। ਉਨ੍ਹਾਂ ਨੇ ਸਿੱਧੀ ਮੰਗ ਕੀਤੀ ਕਿ ਹਰਜੋਤ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ।
ਪੀਸੀਸੀਟੀਯੂ ਦੇ ਜਨਰਲ ਸਕੱਤਰ ਡਾ. ਐੱਸ. ਐੱਸ. ਰੰਧਾਵਾ ਨੇ ਦੱਸਿਆ ਕਿ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਕਾਰਨ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਦਾ ਬਿਲ 12 ਅਗਸਤ ਤੋਂ ਖ਼ਜ਼ਾਨੇ ਵਿੱਚ ਅਟਕਿਆ ਪਿਆ ਹੈ ਅਤੇ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਫੰਡ ਜਾਰੀ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਤੱਕ ਤਨਖਾਹਾਂ ਰੋਕ ਕੇ ਪ੍ਰੋਫੈਸਰਾਂ ਨਾਲ ਐਸੀ ਨਾਇਨਸਾਫ਼ੀ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੀ ਗਈ।
ਪੀਸੀਸੀਟੀਯੂ ਦੀ ਸੂਬਾਈ ਪ੍ਰਧਾਨ ਡਾ. ਸੀਮਾ ਜੇਤਲੀ ਨੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਬਕਾਇਆ ਤਨਖਾਹਾਂ ਦੇ ਫੰਡ ਜਾਰੀ ਕਰੇ ਅਤੇ ਅੱਗੇ ਤੋਂ ਹਰ ਮਹੀਨੇ ਗਰਾਂਟ ਰਿਲੀਜ਼ ਕਰਨੀ ਯਕੀਨੀ ਬਣਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਸਰਕਾਰ ਨੂੰ ਵੱਡਾ ਖ਼ਮਿਆਜ਼ਾ ਭੁਗਤਣਾ ਪਵੇਗਾ।
- PTC NEWS