Punjab Congress : ਪੰਜਾਬ ਕਾਂਗਰਸ ਨੇ ਤਾਲਮੇਲ ਕਮੇਟੀ ਦਾ ਕੀਤਾ ਗਠਨ, ਵੇਖੋ ਕਿਹੜੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
Punjab Congress : ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ।
ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ।
ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
- PTC NEWS