Punjab News : ਪੰਜਾਬ ਕਾਂਗਰਸ 'ਚ ਲੱਗੀ ਅਸਤੀਫਿਆਂ ਦੀ ਝੜੀ , ਪਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ
Punjab News : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਲੁਧਿਆਣਾ ਉਪ-ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੁੱਕਿਆ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹਨ। ਮੰਗਲਵਾਰ ਰਾਤ ਨੂੰ ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਹਾਰਨ ਤੋਂ ਤੁਰੰਤ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਆਸ਼ੂ ਨੇ ਸਿਮਰਜੀਤ ਸਿੰਘ ਬੈਂਸ ਅਤੇ ਰਾਜਾ ਵੜਿੰਗ 'ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲੁਧਿਆਣਾ ਚੋਣਾਂ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ।
ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਦਿੱਤੇ ਜਾ ਰਹੇ ਅਸਤੀਫ਼ੇ
ਸੂਤਰਾਂ ਅਨੁਸਾਰ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਲੁਧਿਆਣਾ ਚੋਣਾਂ ਵਿੱਚ ਹਾਰ ਨੂੰ ਦੇਖਦੇ ਹੋਏ ਅਸਤੀਫਾ ਦੇ ਦਿੱਤਾ ਹੈ। ਦੋਵਾਂ ਨੇ ਇਹ ਫੈਸਲਾ ਆਸ਼ੂ ਦੇ ਹੱਕ ਵਿੱਚ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਮੁਖੀ ਰਾਜਾ ਵੜਿੰਗ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ।
- PTC NEWS