Wed, Jun 24, 2026
Whatsapp

'ਭਗਵੰਤ ਮਾਨ ਨੂੰ CM ਦੇ ਅਹੁਦੇ 'ਤੇ ਰਹਿਣ ਦਾ ਕੋਈ ਹੱਕ ਨਹੀਂ', ਕਾਂਗਰਸ ਨੇ ਸਿਆਸੀ ਤੇ ਸਮਾਜਿਕ ਬਾਈਕਾਟ ਦਾ ਕੀਤਾ ਐਲਾਨ

Congress Boycott CM Bhagwant Mann : ਮੁੱਖ ਮੰਤਰੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਜੋ ਵਿਅਕਤੀ ਸੰਸਦ, ਵਿਧਾਨ ਸਭਾ ਅਤੇ ਧਾਰਮਿਕ ਸਥਾਨਾਂ 'ਤੇ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿੱਚ ਪਹੁੰਚ ਸਕਦਾ ਹੈ, ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

Reported by:  PTC News Desk  Edited by:  KRISHAN KUMAR SHARMA -- June 24th 2026 07:29 PM -- Updated: June 24th 2026 07:50 PM
'ਭਗਵੰਤ ਮਾਨ ਨੂੰ CM ਦੇ ਅਹੁਦੇ 'ਤੇ ਰਹਿਣ ਦਾ ਕੋਈ ਹੱਕ ਨਹੀਂ', ਕਾਂਗਰਸ ਨੇ ਸਿਆਸੀ ਤੇ ਸਮਾਜਿਕ ਬਾਈਕਾਟ ਦਾ ਕੀਤਾ ਐਲਾਨ

'ਭਗਵੰਤ ਮਾਨ ਨੂੰ CM ਦੇ ਅਹੁਦੇ 'ਤੇ ਰਹਿਣ ਦਾ ਕੋਈ ਹੱਕ ਨਹੀਂ', ਕਾਂਗਰਸ ਨੇ ਸਿਆਸੀ ਤੇ ਸਮਾਜਿਕ ਬਾਈਕਾਟ ਦਾ ਕੀਤਾ ਐਲਾਨ

Congress Boycott CM Bhagwant Mann : ਅੰਮ੍ਰਿਤਸਰ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਉਸ ਸਮੇਂ ਤੋਂ ਜਾਣਦੇ ਹਨ ਜਦੋਂ ਉਹ ਲੋਕ ਸਭਾ ਮੈਂਬਰ ਸਨ।

ਬਾਜਵਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨਾਲ ਸਬੰਧਤ ਹਾਲ ਹੀ ਵਿੱਚ ਸਾਹਮਣੇ ਆਈ ਵੀਡੀਓ ਕੋਈ ਪਹਿਲੀ ਘਟਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਣਗੀਆਂ, ਤਿਵੇਂ-ਤਿਵੇਂ ਇਸ ਤਰ੍ਹਾਂ ਦੀਆਂ ਹੋਰ ਵੀਡੀਓਜ਼ ਅਤੇ ਤੱਥ ਵੀ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਵਿਵਹਾਰ ਅਤੇ ਕਾਰਜਸ਼ੈਲੀ ਨੂੰ ਲੈ ਕੇ ਪਹਿਲਾਂ ਵੀ ਕਈ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ।


'ਮੁੱਖ ਮੰਤਰੀ ਦਾ ਮਾਮਲਾ ਸਿਰਫ਼ ਸਿਆਸੀ ਨਹੀਂ, ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ'

ਬਾਜਵਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸੰਸਦ ਮੈਂਬਰ ਸਨ, ਤਾਂ ਉਨ੍ਹਾਂ ਦੇ ਸਾਥੀ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਲਿਖਤੀ ਸ਼ਿਕਾਇਤ ਕਰਕੇ ਆਪਣੀ ਸੀਟ ਬਦਲਣ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੋਰ ਸੰਸਦ ਮੈਂਬਰਾਂ ਨੇ ਵੀ ਉਨ੍ਹਾਂ ਦੇ ਵਿਵਹਾਰ ਸਬੰਧੀ ਸ਼ਿਕਾਇਤਾਂ ਕੀਤੀਆਂ ਸਨ। ਮੁੱਖ ਮੰਤਰੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਜੋ ਵਿਅਕਤੀ ਸੰਸਦ, ਵਿਧਾਨ ਸਭਾ ਅਤੇ ਧਾਰਮਿਕ ਸਥਾਨਾਂ 'ਤੇ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿੱਚ ਪਹੁੰਚ ਸਕਦਾ ਹੈ, ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ਦੀਆਂ ਸਮਾਜਿਕ ਅਤੇ ਧਾਰਮਿਕ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ।

ਸਰਕਾਰ, ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ : ਬਾਜਵਾ

ਵੀਡੀਓ ਵਿਵਾਦ ਸਬੰਧੀ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਗੱਲ ਕੀਤੀ ਸੀ ਅਤੇ ਸਰਕਾਰ ਤੋਂ ਲੈਬਾਰਟਰੀਆਂ ਦੇ ਨਾਂ ਮੰਗੇ ਸਨ, ਪਰ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਪੰਜਾਬ ਪੁਲਿਸ ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਲਈ ਪੈਸੇ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ।

ਕਦੋਂ ਤੱਕ ਜਾਰੀ ਰਹੇਗਾ ਬਾਈਕਾਟ ?

ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਨਹੀਂ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਕਾਂਗਰਸ ਉਨ੍ਹਾਂ ਦਾ ਸਿਆਸੀ ਅਤੇ ਸਮਾਜਿਕ ਬਾਈਕਾਟ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਪੰਜਾਬ ਦੇ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰਦੀ ਰਹੇਗੀ। ਬਾਜਵਾ ਨੇ ਦੱਸਿਆ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਸੱਦੇ ਤੋਂ ਬਾਅਦ ਕਾਂਗਰਸੀ ਆਗੂ ਉੱਥੇ ਪੇਸ਼ ਹੋਣਗੇ ਅਤੇ ਗੁਰੂ ਘਰ ਦੇ ਹੁਕਮਾਂ ਦਾ ਸਨਮਾਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK