Punjab Government Jobs : ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਦੀਆਂ 3000 ਸੀਟਾਂ ਭਰਨ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
Punjab Government Jobs 2024 : ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਦੀਆਂ 3000 ਪੋਸਟਾਂ ਭਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼ਨੀਵਾਰ ਸੀਐਮ ਭਗਵੰਤ ਮਾਨ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਇਨ੍ਹਾਂ ਅਸਾਮੀਆਂ ਲਈ ਭਰਤੀ ਸ਼ੁਰੂ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਫਾਇਰ ਫਾਈਟਿੰਗ ਸਟਾਫ਼ ਵਿੱਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਘੱਟ ਤੋਂ ਘੱਟ ਪਰਵਾਹ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਫਾਇਰ ਫਾਈਟਿੰਗ ਸਟਾਫ਼ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਰੱਖੜੀ ਬੰਧਨ (ਰੱਖੜੀ) ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਪਵਿੱਤਰ ਬੰਧਨ ਨੂੰ ਮਨਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਦੀ ਮੁੜ ਪੁਸ਼ਟੀ ਕਰਨ ਦਾ ਖੁਸ਼ੀ ਦਾ ਮੌਕਾ ਹੈ ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਬੰਧਨ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।
- PTC NEWS