ਪੰਜਾਬ ਸਰਕਾਰ ਨੇ ਸੱਦਿਆ 2 ਦਿਨ ਦਾ ਵਿਸ਼ੇਸ਼ ਇਜਲਾਸ, ਹੜ੍ਹਾਂ ਦੇ ਮੁਆਵਜ਼ੇ ਸਬੰਧੀ ਕੁੱਝ ਨਿਯਮਾਂ 'ਚ ਸੋਧ ਤੇ ਨਵੀਆਂ ਪ੍ਰਵਾਨਗੀਆਂ 'ਤੇ ਲੱਗ ਸਕਦੀ ਹੈ ਮੋਹਰ
Punjab Vidhan Sabha Special Session : ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਪਟੜੀ ਤੋਂ ਲੱਥੀ ਹੋਈ ਹੈ। ਲੋਕਾਂ ਵੱਲੋਂ ਸਰਕਾਰ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ, ਜਿਸ 'ਤੇ ਹੁਣ ਪੰਜਾਬ ਸਰਕਾਰ ਵੱਲੋਂ ਕੁੱਝ ਸਹਾਇਤਾ/ਐਲਾਨ ਮਿਲਣ ਦੀ ਉਮੀਦ ਬੱਝੀ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਦੋ ਦਿਨਾਂ ਦਾ ਵਿਸ਼ੇਸ਼ ਸੱਦਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਵੀ ਦਿੱਤੀ ਹੈ।
ਪੰਜਾਬ ਸਰਕਾਰ ਨੇ 26 ਤੋਂ 29 ਸਤੰਬਰ 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਇਜਲਾਸ ਦੀ ਕਾਰਵਾਈ ਦੋ ਦਿਨ 26 ਤੇ 29 ਤਰੀਕ ਨੂੰ ਜਾਰੀ ਰਹੇਗੀ, ਜਦਕਿ 27 ਤੇ 28 ਸਤੰਬਰ ਦੀ ਛੁੱਟੀ ਰਹੇਗੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹਾਲ ਹੀ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਨਾਲ ਸਬੰਧਤ ਨਿਯਮਾਂ ਵਿੱਚ ਕਈ ਲੋਕ-ਪੱਖੀ ਸੋਧਾਂ ਪੇਸ਼ ਕਰਨ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਨਵੇਂ ਕਾਨੂੰਨ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ ਅਤੇ ਮਨਜ਼ੂਰੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਸਰਕਾਰੀ ਅੰਕੜਿਆਂ ਅਨੁਸਾਰ, ਹੜ੍ਹਾਂ 'ਚ 56 ਜਾਨਾਂ ਚਲੀਆਂ ਗਈਆਂ ਹਨ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਇਸਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ।
- PTC NEWS