Parvinder Jhota Murder Case : ਪੰਜਾਬ ਸਰਕਾਰ ਨੇ ਗੱਲਬਾਤ ਲਈ 3 ਮਹਿਲਾ IAS ਅਧਿਕਾਰੀਆਂ ਦੀ ਕੀਤੀ ਤਾਇਨਾਤੀ
Punjab Government Deputes 3 Women IAS Officers : ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਲਈ ਪਹਿਲਕਦਮੀ ਕੀਤੀ ਹੈ। ਸਰਕਾਰ ਵੱਲੋਂ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰਨ ਲਈ ਤਿੰਨ ਮਹਿਲਾ ਆਈਏਐੱਸ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ। ਇਸ ਮਗਰੋਂ ਅੱਜ ਦੋਵਾਂ ਧਿਰਾਂ ਵਿਚਾਲੇ ਰਸਮੀ ਗੱਲਬਾਤ ਸ਼ੁਰੂ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਤਿੰਨ ਮੈਂਬਰੀ ਕਮੇਟੀ ਵਿੱਚ 2007 ਬੈਚ ਦੀ ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈਏਐੱਸ ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਅਪਨੀਤ ਰਿਆਤ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿੱਚ ਰਹਿੰਦਾ ਹੈ।
ਇਹ ਵੀ ਪੜ੍ਹੋ :
ਦੋਵੇਂ ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਹੁਣ ਅੱਜ ਸ਼ਾਮ ਨੂੰ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੁੱਢਲੇ ਪੱਧਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਥਾਨਕ ਪੁਲੀਸ ਅਧਿਕਾਰੀਆਂ ਵੱਲੋਂ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਕਮੇਟੀ ਨੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਲਗਪਗ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੱਲਬਾਤ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ।
ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ
ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਸ ਦੀ ਮ੍ਰਿਤਕ ਦੇਹ ਦਾ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ।
13 ਅਕਤੂਬਰ ਨੂੰ ਹੋਇਆ ਸੀ ਕਤਲ
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਅਸ਼ਵਨੀ ਕੁਮਾਰ ਵੱਲੋਂ ਆਪਣੇ ਮੈਡੀਕਲ ਸਟੋਰ ’ਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਜਨਤਕ ਜਥੇਬੰਦੀਆਂ ’ਤੇ ਆਧਾਰਿਤ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਪਿਛਲੇ ਛੇ ਦਿਨਾਂ ਤੋਂ ਸੰਘਰਸ਼ ਜਾਰੀ ਹੈ। ਹੁਣ ਸਰਕਾਰ ਵੱਲੋਂ ਗੱਲਬਾਤ ਲਈ ਕੀਤੀ ਗਈ ਪਹਿਲਕਦਮੀ ਨਾਲ ਇਸ ਮਾਮਲੇ ਦੇ ਹੱਲ ਦੀਆਂ ਉਮੀਦਾਂ ਜਾਗੀਆਂ ਹਨ।
- PTC NEWS