Punjab University: ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਨਾਂਅ ਜਾਰੀ ਕੀਤੀ ਗਰਾਂਟ
ਪਟਿਆਲਾ: ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਧਾ ਕੇ 30 ਕਰੋੜ ਰੁਪਏ ਕਰ ਦਿੱਤੀ ਹੈ। ਵਿੱਤ ਮੰਤਰਾਲੇ ਵੱਲੋਂ ਅੱਜ ਉਚੇਰੀ ਸਿੱਖਿਆ ਵਿਭਾਗ ਨੂੰ ਚਾਲੂ ਵਿੱਤੀ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਲਈ 90 ਕਰੋੜ ਰੁਪਏ ਦੀ ਗ੍ਰਾਂਟ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਤਰ੍ਹਾਂ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਸੰਸਥਾ ਨੂੰ ਵਿੱਤੀ ਘਾਟੇ ਵਿੱਚੋਂ ਬਾਹਰ ਕੱਢਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਇਸ ਸਬੰਧੀ ਭਰੋਸਾ ਦਿੱਤਾ ਸੀ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸਬੰਧੀ ਉਨ੍ਹਾਂ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ ਯੂਨੀਵਰਸਿਟੀ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਮਗਰੋਂ ਵਾਈਸ ਚਾਂਸਲਰ ਨੇ ਦੱਸਿਆ ਕਿ ਸਰਕਾਰ 30 ਕਰੋੜ ਰੁਪਏ ਮਹੀਨੇ ਦੇ ਹਿਸਾਬ ਨਾਲ 360 ਕਰੋੜ ਰੁਪਏ ਸਾਲਾਨਾ ਗਰਾਂਟ ਦੇਣ ਲਈ ਸਹਿਮਤ ਹੋ ਗਈ ਹੈ ਜਿਸ ਮਗਰੋਂ ਵਿੱਤ ਮੰਤਰੀ ਨੇ ਯੂਨੀਵਰਸਿਟੀ ਦੀ ਗਰਾਂਟ ਵਧਾਉਣ ਸਬੰਧੀ ਵਿਧਾਨ ਸਭਾ ’ਚ ਵੀ ਜ਼ਿਕਰ ਕੀਤਾ ਸੀ।
ਵਿਦਿਆਰਥੀਆਂ, ਮੁਲਾਜ਼ਮਾਂ ਤੇ ਅਧਿਆਪਕਾਂ ਦਾ ਤਰਕ ਸੀ ਕਿ ਇਸ ਸਬੰਧੀ ਲਿਖਤੀ ਪੱਤਰ ਜਾਰੀ ਕਰੇ। ਇਸ ਮੰਗ ਨੂੰ ਲੈ ਕੇ ਬਣੇ ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ’ ਦੀ ਅਗਵਾਈ ਹੇਠ ਪਿਛਲੇ ਕਈ ਦਿਨਾ ਤੋਂ ਯੂਨੀਵਰਸਿਟੀ ’ਚ ਪੱਕਾ ਮੋਰਚਾ ਲੱਗਾ ਹੋਇਆ ਹੈ ਜਿਸ ਵੱਲੋਂ ਯੂਨੀਵਰਸਿਟੀ ਦਾ 150 ਕਰੋੜ ਰਪੁਏ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਇਸੇ ਯੂਨੀਵਰਸਿਟੀ ਦੇ ਲਾਅ ਦੇ ਵਿਦਿਆਰਥੀ ਵੀ ਰਹੇ ਹਨ, ਦੀ ਅਧੀਨਗੀ ਵਾਲ਼ੇ ਵਿੱਤ ਮੰਤਰਾਲੇ ਨੇ ਅੱਜ 30 ਕਰੋੜ ਰੁਪਏ ਮਹੀਨੇ ਦੇ ਹਿਸਾਬ ਨਾਲ਼ ਤਿੰਨ ਮਹੀਨਿਆਂ ਦੀ 90 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।
- PTC NEWS