Punjab News : ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ ,ਤਿੰਨ DC's ਵੀ ਬਦਲੇ , ਸਾਕਸ਼ੀ ਸਾਹਨੀ ਨੂੰ ਗਮਾਡਾ ਦਾ ਮੁੱਖ ਪ੍ਰਸ਼ਾਸਕ ਕੀਤਾ ਨਿਯੁਕਤ
Punjab News : ਪੰਜਾਬ ਸਰਕਾਰ ਨੇ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਗਏ ਹਨ। ਸਾਕਸ਼ੀ ਸਾਹਨੀ ਨੂੰ ਹੁਣ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਦਵਿੰਦਰਜੀਤ ਸਿੰਘ ਦੀ ਜਗ੍ਹਾ ਹੁਣ IAS ਪੱਲਵੀ ਲੈਣਗੇ ਤੇ ਉਨ੍ਹਾਂ ਨੂੰ ਹੀ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਸਾਰੰਗਲ ਅਤੇ ਹਰਪ੍ਰੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਗਈ ਹੈ।
ਵਿਸ਼ੇਸ਼ ਸਾਰੰਗਲ ਨੂੰ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਦਾ ਵਿਸ਼ੇਸ਼ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਦਾ ਵਧੀਕ ਡਾਇਰੈਕਟਰ ਅਤੇ ਪੰਜਾਬ ਈ-ਗਵਰਨੈਂਸ ਸੁਸਾਇਟੀ ਦਾ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਪਹਿਲਾਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਦੇ ਸਨ। ਪਲਵੀ ਨੂੰ ਪਠਾਨਕੋਟ ਦਾ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਪਠਾਨਕੋਟ ਦਾ ਵਾਧੂ ਚਾਰਜ ਨਿਯੁਕਤ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ’ਤੇ ਤੁਰੰਤ ਜੁਆਇੰਨ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੇ ਜਾਰੀ ਹੋਣ ਨਾਲ ਖਾਲ੍ਹੀ ਹੋਈਆਂ ਅਸਾਮੀਆਂ ਦੇ ਕੰਮ ਦਾ ਨਿਪਟਾਰਾ ਸਬੰਧਤ ਅਥਾਰਟੀ ਵੱਲੋਂ ਅੰਦਰੁਨੀ ਪ੍ਰਬੰਧ ਰਾਹੀਂ ਕੀਤਾ ਜਾਵੇਗਾ।

- PTC NEWS