Delhi ਕਾਰ ਧਮਾਕੇ ਤੋਂ ਬਾਅਦ ਪੰਜਾਬ ਹਾਈ ਅਲਰਟ 'ਤੇ, ਪੁਲਿਸ ਵੱਖ-ਵੱਖ ਥਾਵਾਂ 'ਤੇ ਕਰ ਰਹੀ ਹੈ ਚੈਕਿੰਗ
Delhi Red Fort blast : ਦਿੱਲੀ ਵਿੱਚ ਹੋਏ ਕਾਰ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੂਰੇ ਭਾਰਤ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਉਸ ਦੇ ਚੱਲਦੇ ਪੰਜਾਬ 'ਚ ਵੀ ਅਲਰਟ ਦੇਖਣ ਨੂੰ ਮਿਲਿਆ ਹੈ। ਪੁਲਿਸ ਵੱਲੋਂ ਕੱਲ੍ਹ ਦੇਰ ਰਾਤ ਤੱਕ ਫਰੀਦਕੋਟ ਦੀ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ। ਪੁਲਿਸ ਅੱਜ ਸਵੇਰ ਤੋਂ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ, ਜਨਤਕ ਥਾਵਾਂ ਅਤੇ ਹੋਟਲਾਂ ਦੀ ਜਾਂਚ ਕਰ ਰਹੀ ਹੈ।
ਫਰੀਦਕੋਟ ਰੇਲਵੇ ਸਟੇਸ਼ਨ 'ਤੇ ਐਸਐਸਪੀ ਫਰੀਦਕੋਟ, ਡਾ. ਪ੍ਰਗਿਆ ਜੈਨ, ਆਈਪੀਐਸ ਦੀ ਅਗਵਾਈ ਹੇਠ ਚੈਕਿੰਗ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਰੁਟੀਨ ਪੁਲਿਸ ਚੈਕਿੰਗ ਚੱਲ ਰਹੀ ਹੈ ਪਰ ਅੱਜ ਅਲਰਟ ਕਾਰਨ ਪੁਲਿਸ ਦੀ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਇਸ ਕਾਰਨ ਪੁਲਿਸ ਅਧਿਕਾਰੀਆਂ ਨੇ ਬੀਤੀ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਸੀ ਅਤੇ ਚੈਕਿੰਗ ਕੀਤੀ ਸੀ ਅਤੇ ਅੱਜ ਸਵੇਰ ਤੋਂ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ, ਜਨਤਕ ਥਾਵਾਂ ਅਤੇ ਹੋਟਲਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸੀਸੀਟੀਵੀ ਕੈਮਰਿਆਂ ਅਤੇ ਡਰੋਨਾਂ ਰਾਹੀਂ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 112 'ਤੇ ਕਾਲ ਕਰਕੇ ਇਸਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਪੁਲਿਸ ਇਸ 'ਤੇ ਤੁਰੰਤ ਕਾਰਵਾਈ ਕਰ ਸਕੇ। ਉਨ੍ਹਾਂ ਆਪਣੇ ਅਧਿਕਾਰੀਆਂ ਅਤੇ ਹੋਰ ਪੁਲਿਸ ਕਰਮਚਾਰੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਦੇ ਨਿਰਦੇਸ਼ ਵੀ ਦਿੱਤੇ।
ਦਿੱਲੀ ਬਲਾਸਟ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਸਖ਼ਤ
ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਬਲਾਸਟ ਤੋਂ ਬਾਅਦ ਦੇਸ਼ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕੀਤੇ ਗਏ। ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਪੁਲਿਸ ਵੱਲੋਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ ਹੈ। ਸੰਗਰੂਰ ਰੇਲਵੇ ਸਟੇਸ਼ਨ ਤੇ ਪੁਲਿਸ ਵੱਲੋਂ ਸਾਰੇ ਪਲੇਟਫਾਰਮਾਂ, ਵੇਟਿੰਗ ਹਾਲ ਤੇ ਆਸ-ਪਾਸ ਦੇ ਇਲਾਕਿਆਂ ਦੀ ਵਿਆਪਕ ਚੈਕਿੰਗ ਕੀਤੀ ਗਈ।
ਟਰੇਨਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਦੇ ਸਮਾਨ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ। ਮਾਲਾਂ, ਬੱਸ ਅੱਡਿਆਂ ਅਤੇ ਜਨਤਕ ਸਥਾਨਾਂ ‘ਤੇ ਪੁਲਿਸ ਨੇ ਪਟਰੋਲਿੰਗ ਤੇ ਨਿਗਰਾਨੀ ਵਧਾ ਦਿੱਤੀ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਚੀਜ਼ ਜਾਂ ਸ਼ਖ਼ਸ ਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।
- PTC NEWS