SAD Leader Kanchanpreet Kaur Arrest : ਪੰਜਾਬ ਪੁਲਿਸ ਨੇ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਕੀਤਾ ਗ੍ਰਿਫ਼ਤਾਰ, ਸੁਖਬੀਰ ਸਿੰਘ ਬਾਦਲ ਵੱਲੋਂ ਨਿੰਦਾ
Kanchanpreet Kaur Arrest : ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਾਣਕਾਰੀ ਅਨੁਸਾਰ, ਮਹਿਲਾ ਆਗੂ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਦੱਸ ਦਈਏ ਕਿ ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਸੁਰੱਖਿਆ ਨੂੰ ਲੈ ਕੇ ਤੈਨਾਤੀ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ, ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਪੁਲਿਸ ਵੱਲੋਂ ਸ਼ੁੱਕਰਵਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ। ਦੱਸ ਦਈਏ ਕਿ ਕੰਚਨਪ੍ਰੀਤ ਕੌਰ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਸਨੂੰ ਸ਼ਾਮ 5:30 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਪੁਸ਼ਟੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਉਸਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਕੰਚਨਪ੍ਰੀਤ ਕੌਰ, ਤਰਨ ਤਾਰਨ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੇ ਗਏ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਹੈ, ਜਿਸ ਆਮ ਆਦਮੀ ਪਾਰਟੀ 'ਤੇ ਚੋਣਾਂ 'ਚ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਸਨ ਅਤੇ ਵਿਰੋਧ ਕੀਤਾ ਸੀ। ਇਸ ਜ਼ਿਮਨੀ ਚੋਣ ਦੌਰਾਨ ਹੀ ਪੰਜਾਬ ਪੁਲਿਸ ਵੱਲੋਂ ਕੰਚਨਪ੍ਰੀਤ ਕੌਰ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ 4 ਮਾਮਲੇ ਦਰਜ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਦੁਪਹਿਰ ਸਮੇਂ ਉਹ ਪਹਿਲੀ ਵਾਰ ਮੀਡੀਆ ਸਾਹਮਣੇ ਆਈ ਸੀ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਉਨ੍ਹਾਂ ਨਾਲ ਮੌਜੂਦ ਸਨ। ਥਾਣੇ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਸ. ਵਲਟੋਹਾ ਨੇ ਇਲਜ਼ਾਮ ਲਗਾਇਆ ਕਿ ਮੌਜੂਦਾ ਸਰਕਾਰ ਨੇ ਰਾਜਨੀਤਿਕ ਕਾਰਨਾਂ ਕਰਕੇ ਕੰਚਨਪ੍ਰੀਤ ਕੌਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀਆਂ ਦੀਆਂ ਨੂੰਹਾਂ ਅਤੇ ਧੀਆਂ ਦਾ ਵੀ ਸਤਿਕਾਰ ਕੀਤਾ ਜਾਂਦਾ ਹੈ, ਪਰ ਪਹਿਲੀ ਵਾਰ, ਇੱਕ ਕੁੜੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਰਾਜਨੀਤਿਕ ਪ੍ਰਚਾਰ ਦੇ ਹਿੱਸੇ ਵਜੋਂ ਕੇਸ ਦਰਜ ਕੀਤੇ ਜਾ ਰਹੇ ਹਨ।
''ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਸਰਾਸਰ ਗੈਰ-ਕਾਨੂੰਨੀ''
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਗ੍ਰਿਫ਼ਤਾਰੀ ਸਰਾਸਰ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ, ''ਤਰਨਤਾਰਨ ਉਪ-ਚੋਣਾਂ ਦੇ ਨਤੀਜਿਆਂ ਤੋਂ ਘਬਰਾ ਕੇ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਵਿੱਚ, ਤਰਨਤਾਰਨ ਪੁਲਿਸ ਨੇ ਇੱਕ ਵਾਰ ਫਿਰ ਕੰਚਨ ਪ੍ਰੀਤ ਕੌਰ 'ਤੇ ਇੱਕ ਪੁਰਾਣੇ, ਮਨਘੜਤ ਕੇਸ ਦਰਜ ਕੀਤਾ ਹੈ।''
ਉਨ੍ਹਾਂ ਅੱਗੇ ਕਿਹਾ, ''ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਪਿਛਲੇ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਪ੍ਰਾਪਤ ਕਰਨ ਤੋਂ ਬਾਅਦ, ਕੰਚਨ ਪ੍ਰੀਤ ਕੌਰ, ਇੱਕ ਕਾਨੂੰਨ ਦੀ ਪਾਲਣਾ ਕਰਨ ਵਾਲੀ ਨਾਗਰਿਕ ਵਜੋਂ, ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਗਈ ਸੀ। ਅਸੀਂ ਇਸ ਪੁਲਿਸ ਅੱਤਿਆਚਾਰ ਦਾ ਆਪਣੀ ਪੂਰੀ ਤਾਕਤ ਨਾਲ ਮੁਕਾਬਲਾ ਕਰਾਂਗੇ। ਇਹ ਇੱਕ ਸਰਾਸਰ ਗੈਰ-ਕਾਨੂੰਨੀ ਕਾਰਵਾਈ ਹੈ, ਅਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।''
'ਆਪ' ਨੇ ਮਹਿਲਾ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਕਰਕੇ ਸਾਬਤ ਕੀਤਾ ਕਿ ਉਹ ਕਾਨੂੰਨ ਤੋਂ ਉਪਰ ਹੈ : ਸਾਂਸਦ ਹਰਸਿਮਰਤ ਕੌਰ ਬਾਦਲ
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਾਨੂੰਨ ਤੋਂ ਉੱਪਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਤਰਨਤਾਰਨ ਉਪ ਚੋਣ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਹਾਈ ਕੋਰਟ ਵੱਲੋਂ ਕਈ ਝੂਠੇ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦਿੱਤੇ ਜਾਣ ਦੇ ਬਾਵਜੂਦ, ਪੰਜਾਬ ਪੁਲਿਸ ਨੇ ਅੱਜ ਉਸਨੂੰ ਇੱਕ ਪੁਰਾਣੇ ਮਨਘੜਤ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਅਦਾਲਤ ਦੇ ਹੁਕਮਾਂ ਅਨੁਸਾਰ ਜਾਂਚ ਵਿੱਚ ਸ਼ਾਮਲ ਹੋਣ ਗਈ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੰਚਨਪ੍ਰੀਤ 'ਤੇ ਕੀਤੇ ਜਾ ਰਹੇ ਅਤਿਆਚਾਰ ਦੀ ਨਿੰਦਾ ਕਰਦਾ ਹੈ। ਅਸੀਂ ਇਸ ਗਲਤ ਗ੍ਰਿਫ਼ਤਾਰੀ ਦਾ ਮੁਕਾਬਲਾ ਸਾਰੇ ਉਪਲਬਧ ਮੰਚਾਂ 'ਤੇ ਕਰਾਂਗੇ।
''ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ ਕਿ ਆਪਣੇ ਵਿਰੋਧੀਆਂ ਨਾਲ ਨਿੱਜੀ ਬਦਲਾ ਲੈਣ ਲਈ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ!''
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦ ਕੀਤੀ ਹੈ। ਉਨ੍ਹਾਂ ਕਿਹਾ, ''ਮੈਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਅਕਾਲੀ ਦਲ ਦੀ ਆਗੂ ਕੰਚਨਪ੍ਰੀਤ ਕੌਰ ਨੂੰ ਇੱਕ ਬਿਲਕੁਲ ਝੂਠੇ ਅਤੇ ਮਨਘੜਤ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀ ਬੇਰਹਿਮੀ ਅਤੇ ਅਣਮਨੁੱਖੀ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹਾਂ!''
ਉਨ੍ਹਾਂ ਅੱਗੇ ਕਿਹਾ, ''ਇਹ ਗ੍ਰਿਫ਼ਤਾਰੀ ਮਾਣਯੋਗ ਹਾਈ ਕੋਰਟ ਦੇ ਅਧਿਕਾਰ ਨੂੰ ਵੀ ਸਿੱਧੀ ਚੁਣੌਤੀ ਹੈ ਜਿਸਨੇ ਉਸਨੂੰ ਪਿਛਲੇ ਮਨਘੜਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਅਤੇ ਉਸਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ। ਪਰ ਹਾਈ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਨ ਦੀ ਬਜਾਏ ਪੁਲਿਸ ਨੇ ਉਸਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਜਾਂਚ ਵਿੱਚ ਸ਼ਾਮਲ ਹੋਣ ਗਈ ਸੀ! ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ ਕਿ ਆਪਣੇ ਵਿਰੋਧੀਆਂ ਨਾਲ ਨਿੱਜੀ ਬਦਲਾ ਲੈਣ ਲਈ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ!''
- PTC NEWS