Punjab Shaheedi programme Controversy : ਮੰਤਰੀ ਹਰਜੋਤ ਬੈਂਸ ਨੇ ਕਬੂਲੀ ਆਪਣੀ ਗਲਤੀ, ਲਗਾਈ ਗਈ ਧਾਰਮਿਕ ਸਜ਼ਾ, ਇੱਥੇ ਪੜ੍ਹੋ
Punjab Sahidi Program Controversy : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪਹੁੰਚੇ। ਦੱਸ ਦਈਏ ਕਿ ਹਰਜੋਤ ਬੈਂਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦਾ ਮਾਮਲਾ ’ਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਜਿਸਦੇ ਚੱਲਦੇ ਉਹ ਅੱਜ ਪੰਜ ਸਿੰਘ ਸਾਹਿਬਾਨਾਂ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਉਹ ਆਪਣਾ ਸਪੱਸ਼ਟੀਕਰਨ ਇੱਕਤਰਤਾ ਮੌਕੇ ਦੇਣਗੇ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਗਲਤੀ ਕਬੂਲ ਲਈ ਹੈ। ਹੁਣ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਮੰਤਰੀ ਬੈਂਸ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੈਦਲ ਤੁਰਕੇ ਜਾਣਗੇ। ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ ਜੋੜਿਆਂ ਦੀ ਸੇਵਾ ਕਰਨਗੇ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੀਸ਼ਗੰਜ ਸਾਹਿਬ ਵਿਖੇ 2 ਦਿਨ ਜੋੜੇ ਝਾੜਨ ਦੀ ਸੇਵਾ ਉਪਰੰਤ 1100 ਰੁਪਏ ਦੇਗ ਕਰਵਾ ਕੇ ਮੁਆਫੀ ਦੀ ਅਰਦਾਸ ਕਰਵਾਉਣਗੇ।
ਦੱਸ ਦਈਏ ਕਿ 24 ਜੁਲਾਈ ਨੂੰ ਪੰਜਾਬ ਭਾਸ਼ਾ ਵਿਭਾਗ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ‘ਚ ਪੰਜਾਬੀ ਸਿੰਗਰ ਬੀਰ ਸਿੰਘ ਨੇ ਪਰਫੋਰਮ ਕੀਤਾ ਸੀ ਤੇ ਪ੍ਰੋਗਰਾਮ ਦੀਆਂ ਨੱਚਣ-ਟੱਪਣ ਦੀਆਂ ਵੀਡੀਓ ਵਾਇਰਲ ਹੋਣ ਤੋਂ ਬਾਅਦ, ਇਸ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ।
ਕਾਬਿਲੇਗੌਰ ਹੈ ਕਿ 1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਪੰਜ ਸਿੰਘ ਸਾਹਿਬਾਨ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਹ ਮੀਟਿੰਗ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਹੋਵੇਗੀ।
ਹਾਲਾਂਕਿ, ਜ਼ਫ਼ਰ ਵਿਦੇਸ਼ ਵਿੱਚ ਹੋਣ ਕਰਕੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੱਸਿਆ ਹੈ ਕਿ ਪਰਿਵਾਰਕ ਸਮਾਗਮ ਕਾਰਨ ਉਹ ਬਾਅਦ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਣਗੇ। ਉਨ੍ਹਾਂ ਦੀ ਮੰਗ ਮੰਨ ਲਈ ਗਈ ਹੈ।
ਇਹ ਵੀ ਪੜ੍ਹੋ : Pong Dam Water Level News : ਪੌਂਗ ਡੈਮ ਤਲਵਾੜਾ ’ਚ ਵਧਿਆ ਪਾਣੀ ਦਾ ਪੱਧਰ, ਬੀਬੀਐਮਬੀ ਵੱਲੋਂ ਪਾਣੀ ਛੱਡਣ ਦੀ ਤਿਆਰੀ, ਅਲਰਟ ’ਤੇ ਪ੍ਰਸ਼ਾਸਨ
- PTC NEWS