Bribe Case : ਵਿਜੀਲੈਂਸ ਨੇ 2000 ਰਿਸ਼ਵਤ ਲੈਂਦਾ ਜਲੰਧਰ ਨਗਰ ਨਿਗਮ ਦਾ ਕਲਰਕ ਕੀਤਾ ਕਾਬੂ
Jalandhar Municipal Corporation : ਪੰਜਾਬ ਵਿਜੀਲੈਂਸ ਬਿਊਰੋ (VB) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੀਵਰੇਜ ਸ਼ਾਖਾ, ਨਗਰ ਨਿਗਮ, ਜਲੰਧਰ ਵਿਖੇ ਤਾਇਨਾਤ ਕਲਰਕ ਕਰੁਣ ਧੀਰ ਨੂੰ 2000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਟੀਮ ਵੱਲੋਂ ਤਲਾਸ਼ੀ ਦੌਰਾਨ ਦੋਸ਼ੀ ਦੇ ਘਰ ਤੋਂ 2.72 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਰਾਮ ਨਗਰ, ਜਲੰਧਰ ਦੇ ਇੱਕ ਨਿਵਾਸੀ ਰਾਹੀਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਕਰਨ ਧੀਰ ਉਸਦੇ ਅਹਾਤਾ 'ਤੇ ਗਿਆ ਅਤੇ ਕਥਿਤ ਤੌਰ 'ਤੇ ਗੈਰ-ਕਾਨੂੰਨੀ ਕੁਨੈਕਸ਼ਨ ਅਤੇ ਗੰਦੇ ਪਾਣੀ ਨੂੰ ਸੀਵਰੇਜ ਵਿੱਚ ਛੱਡਣ ਦੇ ਬਹਾਨੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਮੌਜੂਦ ਸਨ, ਮੁਲਜ਼ਮ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਦਾ ਰਿਹਾ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਮੁਲਜ਼ਮ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ, ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਇੱਕ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
- PTC NEWS