Chandigarh News : ਨਿਊ ਚੰਡੀਗੜ੍ਹ 'ਚ ਪੰਚਾਇਤੀ ਰਸਤੇ ਦੇ ਘਪਲੇ ਦੀ ਵਿਜੀਲੈਂਸ ਕਰੇਗੀ ਜਾਂਚ, 8 ਪਿੰਡਾਂ ਦੀ ਜ਼ਮੀਨ ਦਾ ਹੈ ਮਾਮਲਾ
New Chandigarh News : ਪੰਜਾਬ ਦੇ ਨਿਊ ਚੰਡੀਗੜ੍ਹ ਵਿੱਚ ਪੰਚਾਇਤੀ ਰਸਤੇ 'ਚ ਘਪਲੇ ਦੀ ਹੁਣ ਵਿਜੀਲੈਂਸ ਜਾਂਚ ਕਰੇਗੀ। ਪੰਜਾਬ ਸਰਕਾਰ ਨੇ ਨਿਊ ਚੰਡੀਗੜ੍ਹ ਦੇ ਸੈਣੀਮਾਜਰਾ 'ਚ ਜ਼ਮੀਨ ਘੁਟਾਲੇ ਦੇ ਮਾਮਲੇ 'ਚ 8 ਪਿੰਡਾਂ 'ਚ ਪੰਚਾਇਤੀ ਰਸਤੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦੋ ਸੀਨੀਅਰ ਆਈਏਐੱਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਖਿਲਾਫ਼ ਸੀਐਮ ਵੱਲੋਂ ਕੁੱਝ ਦਿਨ ਪਹਿਲਾਂ ਹੀ ਜਾਂਚ ਨੂੰ ਹਰੀ ਝੰਡੀ ਦਿੱਤੀ ਗਈ ਸੀ। ਇਨ੍ਹਾਂ ਅਧਿਕਾਰੀਆਂ 'ਤੇ ਇੱਕ ਪ੍ਰਾਈਵੇਟ ਬਿਲਡਰ ਨੂੰ ਫਾਇਦਾ ਪਹੁੰਚਾਉਣ ਦਾ ਇਲਜ਼ਾਮ ਹੈ।
ਕੀ ਹੈ ਮਾਮਲਾ ?
ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਕੀਤੀ। ਇਨ੍ਹਾਂ ਉੱਚ ਅਫ਼ਸਰਾਂ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਵਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ।
ਦੱਸ ਦਈਏ ਕਿ ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ। ਪਰ ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ।
- PTC NEWS