Punjab Weather Update : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ; ਤੂਫਾਨ ਦਾ ਅਲਰਟ ਜਾਰੀ, ਜਾਣੋ ਸੂਬੇ ’ਚ ਕਦੋਂ ਹੋਵੇਗਾ ਮਾਨਸੂਨ ਦੀ ਐਂਟਰੀ
Punjab Weather Update : ਅਗਲੇ 3 ਦਿਨਾਂ ਵਿੱਚ ਪੰਜਾਬ ਵਿੱਚ ਮਾਨਸੂਨ ਆ ਸਕਦਾ ਹੈ। ਪਰ ਇਸ ਤੋਂ ਪਹਿਲਾਂ ਹੀ ਅੱਜ ਪੰਜਾਬ ਦੇ ਮੌਸਮ ’ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਮਾਨਸੂਨ ਮੱਧ ਰਾਜਸਥਾਨ ਤੱਕ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ’ਚ ਅਲਰਟ ਜਾਰੀ
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ, 20 ਜੂਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
21 ਤੋਂ 22 ਜੂਨ ਨੂੰ ਲੁਧਿਆਣਾ, ਪਟਿਆਲਾ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 23 ਜੂਨ ਨੂੰ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਦੇ ਨਾਲ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ।
ਕਿਸਾਨਾਂ ’ਚ ਚਿੰਤਾ ਦਾ ਮਾਹੌਲ
ਮੀਂਹ ਦੇ ਚੱਲਦੇ ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੁਕਤਸਰ, ਮਾਨਸਾ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਹੈ।
ਦੂਜੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਜੂਨ ਤੋਂ 19 ਜੂਨ, 2025 ਤੱਕ, ਪੰਜਾਬ ਵਿੱਚ ਔਸਤਨ 26.65 ਮਿਲੀਮੀਟਰ ਮੀਂਹ ਪਿਆ ਹੈ, ਜਦਕਿ ਇਸ ਸਮੇਂ ਦੌਰਾਨ ਆਮ ਮੀਂਹ 45 ਤੋਂ 50 ਮਿਲੀਮੀਟਰ ਮੰਨਿਆ ਜਾਂਦਾ ਹੈ। ਯਾਨੀ ਇਸ ਵਾਰ 40% ਤੋਂ ਵੱਧ ਮੀਂਹ ਦੀ ਘਾਟ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਦੇ ਮੌਸਮ ਦਾ ਹਾਲ
ਉੱਥੇ ਹੀ ਜੇਕਰ ਚੰਡੀਗੜ੍ਹ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ 20 ਤੋਂ 23 ਜੂਨ ਤੱਕ ਚੰਡੀਗੜ੍ਹ ਅਤੇ ਇਸ ਦੇ ਆਲੇ-ਦੁਆਲੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਦੌਰਾਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲੋਕਾਂ ਨੂੰ ਮੀਂਹ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 24 ਜੂਨ ਨੂੰ ਮੀਂਹ ਨਹੀਂ ਪਵੇਗਾ, ਪਰ ਉਸ ਤੋਂ ਬਾਅਦ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ। ਹਫ਼ਤੇ ਭਰ ਕੁਝ ਥਾਵਾਂ 'ਤੇ ਬਿਜਲੀ ਅਤੇ ਗਰਜ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
- PTC NEWS