Punjab Weather News : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੌਸਮ ਸਾਫ਼ ਰਹੇਗਾ , ਘੱਟ ਸਕਦੈ ਤਾਪਮਾਨ, ਪ੍ਰਦੂਸ਼ਣ 'ਚ ਵੀ ਸੁਧਾਰ
Punjab Weather News : ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਖਤਮ ਹੋਣ ਤੋਂ ਬਾਅਦ ਤਾਪਮਾਨ ਹੁਣ ਘਟੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ, ਉਸ ਤੋਂ ਬਾਅਦ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਪ੍ਰਦੂਸ਼ਣ ਵਿੱਚ ਕਮੀ ਆਈ ਹੈ, ਜਦੋਂ ਕਿ ਨਵੰਬਰ ਦੇ ਪਹਿਲੇ ਪੰਜ ਦਿਨਾਂ ਵਿੱਚ ਲਗਭਗ 1,300 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਖ਼ਬਰਾਂ ਅਨੁਸਾਰ ਪਿਛਲੇ ਪੰਜ ਦਿਨਾਂ ਵਿੱਚ ਸੂਬੇ ਵਿੱਚ ਪਰਾਲੀ ਸਾੜਨ ਦੇ 1,291 ਮਾਮਲੇ ਸਾਹਮਣੇ ਆਏ ਹਨ। ਪਿਛਲੇ ਮਹੀਨੇ 15 ਸਤੰਬਰ ਤੋਂ 31 ਅਕਤੂਬਰ ਤੱਕ 1,642 ਮਾਮਲੇ ਸਾਹਮਣੇ ਆਏ ਸਨ। ਪਿਛਲੇ ਪੰਜ ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲਾਂਕਿ, 5 ਨਵੰਬਰ ਨੂੰ ਸਿਰਫ 94 ਮਾਮਲੇ ਸਾਹਮਣੇ ਆਏ ਸਨ।
ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ ਪੰਜ ਦਿਨਾਂ ਵਿੱਚ ਸੰਗਰੂਰ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ। ਇੱਥੇ 245 ਮਾਮਲੇ ਸਾਹਮਣੇ ਆਏ। ਤਰਨਤਾਰਨ ਵਿੱਚ 135, ਫਿਰੋਜ਼ਪੁਰ ਵਿੱਚ 130, ਬਠਿੰਡਾ ਵਿੱਚ 109, ਮਾਨਸਾ ਅਤੇ ਮੋਗਾ ਵਿੱਚ 87-87, ਮੁਕਤਸਰ ਵਿੱਚ 73, ਪਟਿਆਲਾ ਵਿੱਚ 71, ਲੁਧਿਆਣਾ ਵਿੱਚ 58 ਅਤੇ ਅੰਮ੍ਰਿਤਸਰ ਵਿੱਚ 57 ਮਾਮਲੇ ਸਾਹਮਣੇ ਆਏ।
24 ਘੰਟਿਆਂ ਵਿੱਚ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਆਈ
ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਆਈ ਹੈ। ਮਾਨਸਾ ਵਿੱਚ ਸਭ ਤੋਂ ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 26.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 31.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 29.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 30.5 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 27.5 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿੱਚ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਹਾਲਾਂਕਿ, ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ।
- PTC NEWS