Ludhiana News : ਪੰਜਾਬੀ ਨੌਜਵਾਨ ਦੀ ਦੁਬਈ 'ਚ ਮੌਤ, ਡਾ. ਓਬਰਾਏ ਦੇ ਯਤਨਾਂ ਸਦਕਾ 20 ਦਿਨ ਬਾਅਦ ਭਾਰਤ ਪਹੁੰਚੀ ਸਤਨਾਮ ਸਿੰਘ ਦੀ ਮ੍ਰਿਤਕ ਦੇਹ
Ludhiana News : ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat Da Bhala Charitable Trust) ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ (SP Singh Oberoi) ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸਤਨਾਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲਗਭਗ ਪਿਛਲੇ 11 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਹੇਠਾਂ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ (Heart Attack) ਪੈਣ ਕਾਰਨ ਉਸਦੀ ਮੌਤ ਹੋ ਗਈ ਸੀ।
ਉਪਰੰਤ ਪੀੜ੍ਹਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ, ਜਿਸ 'ਤੇ ਉਨ੍ਹਾਂ ਆਪਣੀ ਟੀਮ ਰਾਹੀਂ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਮਦਦ ਕਰ ਕੇ ਜਿੱਥੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਿਆ, ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਪੁੱਜਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਦਾ ਮ੍ਰਿਤਕ ਸਰੀਰ ਭੇਜਣ ਤੇ ਆਇਆ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜਦੋਂ ਕਿ ਟਰੱਸਟ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਅਨੁਸਾਰ ਸਤਨਾਮ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 417 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
ਇਸ ਦੌਰਾਨ ਹਵਾਈ ਅੱਡੇ 'ਤੇ ਮੌਜੂਦ ਸਤਨਾਮ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ,ਪਤਨੀ ਰਾਜਦੀਪ ਕੌਰ, ਮਾਸੜ ਮਨਜੀਤ ਸਿੰਘ, ਭਾਣਜੇ ਸਿਮਰਜੀਤ ਸਿੰਘ ਤੇ ਭਾਣਜੀ ਸਪਿੰਦਰ ਕੌਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।
- PTC NEWS