Nangal : ਅਰਮੀਨੀਆ ਤੋਂ ਨੰਗਲ ਪਹੁੰਚੀ ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ, 6 ਸਾਲਾ ਪੁੱਤਰ ਨੇ ਦਿੱਤੀ ਅਗਨੀ
ਨੰਗਲ (ਬੀ. ਐੱਸ. ਚਾਨਾ) : ਰੁਜ਼ਗਾਰ ਅਤੇ ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਅਰਮੀਨੀਆ ਗਏ ਨੰਗਲ (Nangal News) ਦੀ ਝੌਲਾ ਬਸਤੀ ਦੇ ਵਸਨੀਕ ਮੁਕੇਸ਼ ਕੁਮਾਰ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਭਾਰਤ ਸਰਕਾਰ ਦੇ ਸਹਿਯੋਗ ਨਾਲ ਭਾਰਤ ਲਿਆਂਦੀ ਗਈ। ਅੱਜ ਉਸ ਦੀ ਦੇਹ ਪਿੰਡ ਪਹੁੰਚਣ ਉਪਰੰਤ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਉਸ ਦੇ ਕਰੀਬ ਛੇ ਸਾਲਾ ਪੁੱਤਰ ਨੇ ਆਪਣੇ ਪਿਤਾ ਦੀ ਚਿਖਾ ਨੂੰ ਮੁੱਖ ਅਗਨੀ ਦਿੱਤੀ।
ਤਿੰਨ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ 'ਚ ਅਰਮੀਨੀਆ ਗਿਆ ਸੀ ਮੁਕੇਸ਼ ਕੁਮਾਰ ()
ਇਸ ਸਬੰਧੀ ਜਾਣਕਾਰੀ ਦਿੰਦਿਆਂ, ਮੁਕੇਸ਼ ਦੇ ਮਾਮਾ ਜਨਕ ਚੰਦ ਨੇ ਦੱਸਿਆ ਕਿ ਮੁਕੇਸ਼ ਕੁਮਾਰ ਤਿੰਨ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਅਰਮੀਨੀਆ ਗਿਆ ਸੀ। ਬੀਤੀ 24 ਨਵੰਬਰ ਨੂੰ ਉੱਥੇ ਅਚਾਨਕ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉੱਥੋਂ ਦੀ ਸਰਕਾਰ ਨੇ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਦੂਤਾਵਾਸ ਵੱਲੋਂ ਪਰਿਵਾਰ ਨੂੰ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਉਹ ਮੁਕੇਸ਼ ਦੀ ਮ੍ਰਿਤਕ ਦੇਹ ਭਾਰਤ ਲਿਆਉਣਾ ਚਾਹੁੰਦੇ ਹਨ ਤਾਂ ਇਸ ’ਤੇ ਲਗਭਗ ਚਾਰ ਹਜ਼ਾਰ ਅਮਰੀਕੀ ਡਾਲਰ, ਭਾਵ ਭਾਰਤੀ ਕਰੰਸੀ ਅਨੁਸਾਰ ਕਰੀਬ ਸਾਢੇ ਚਾਰ ਲੱਖ ਰੁਪਏ ਖਰਚ ਆਉਣਗੇ।
ਮਾਨਸਾ ਮੋਰਚੇ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪੰਜਾਬੀਆਂ ਨੂੰ ਅਪੀਲ
ਜਨਕ ਚੰਦ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਇੰਨਾ ਵੱਡਾ ਖਰਚਾ ਚੁੱਕਣ ਤੋਂ ਅਸਮਰੱਥ ਸੀ। ਇਸ ਮਗਰੋਂ ਪਿੰਡ ਵਾਸੀਆਂ ਨੇ ਆਪਣੇ ਪੱਧਰ ’ਤੇ ਪੈਸੇ ਇਕੱਠੇ ਕਰਨੇ ਸ਼ੁਰੂ ਕੀਤੇ, ਪਰ ਲੋੜੀਂਦੀ ਰਕਮ ਇਕੱਠੀ ਕਰਨੀ ਮੁਸ਼ਕਲ ਹੋ ਰਹੀ ਸੀ।
ਇਸ ਦੌਰਾਨ ਬ੍ਰਾਹਮਣ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਰਮਨ ਸ਼ਰਮਾ ਨੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾ ਭਾਰਤ ਸਰਕਾਰ ਨੇ ਪੰਜ ਦਿਨਾਂ ਦੇ ਅੰਦਰ ਹੀ ਆਪਣੇ ਖਰਚੇ ’ਤੇ ਮੁਕੇਸ਼ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਹਿਮਤੀ ਦੇ ਦਿੱਤੀ। ਇਸ ਤੋਂ ਬਾਅਦ ਅੱਜ ਮੁਕੇਸ਼ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪਹੁੰਚੀ, ਜਿੱਥੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਕੇਸ਼ ਨੇ ਅੱਜ ਦੇ ਹੀ ਦਿਨ ਭਾਰਤ ਵਾਪਸ ਆਉਣਾ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਮੁਕੇਸ਼ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਨੂੰ ਛੱਡ ਗਿਆ ਹੈ। ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ।
ਇਹ ਵੀ ਪੜ੍ਹੋ...'ਆਪ' ਦੇ ਸੱਤਾ ਸੰਭਾਲਣ ਪਿੱਛੋਂ ਕਿਵੇਂ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ ? ਪੜ੍ਹੋ 9 ਹਾਈ ਪ੍ਰੋਫਾਈਲ ਕਤਲਾਂ ਦੀਆਂ ਕਹਾਣੀਆਂ
- PTC NEWS