Tarn Taran News : ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ 'ਚ ਮੌਤ ,ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
Tarn Taran News : ਵਿਦੇਸ਼ੀ ਧਰਤੀ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਮ੍ਰਿਤਕ ਦੀ ਪਛਾਣ ਦੀਪਕਰਨ ਸਿੰਘ (25) ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਦੀਪਕਰਨ ਕਰੀਬ ਡੇਢ ਸਾਲ ਪਹਿਲਾਂ ਰੋਜ਼ਗਾਰ ਦੀ ਖੋਜ ਵਿੱਚ ਅਮਰੀਕਾ ਗਿਆ ਸੀ ਅਤੇ ਉੱਥੇ ਆਪਣਾ ਭਵਿੱਖ ਸੰਵਾਰਨ ਲਈ ਮਿਹਨਤ ਕਰ ਰਿਹਾ ਸੀ। ਪਿੰਡ ਖਾਲੜਾ ਦੇ ਸਰਪੰਚ ਗੁਰਜੀਤ ਸਿੰਘ ਜੰਡ ਨੇ ਦੱਸਿਆ ਕਿ ਦੀਪਕਰਨ ਸਿੰਘ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਸਾਨ ਫਰਾਂਸਿਸਕੋ ਵਿੱਚ ਰਹਿ ਰਿਹਾ ਸੀ। ਉਹ ਉੱਥੇ ਨੌਕਰੀ ਕਰਕੇ ਆਪਣੇ ਪਰਿਵਾਰ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਿਹਾ ਸੀ।
21 ਜਨਵਰੀ ਨੂੰ ਜਦੋਂ ਦੀਪਕਰਨ ਆਪਣੀ ਡਿਊਟੀ ਤੋਂ ਬਾਅਦ ਘਰ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਮਗਰੋਂ ਦੀਪਕਰਨ ਨੂੰ ਤੁਰੰਤ ਨਾਜ਼ੁਕ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ।
ਜਿੱਥੇ ਡਾਕਟਰਾਂ ਨੇ ਉਸਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਪਰ ਕਈ ਘੰਟਿਆਂ ਤੱਕ ਜ਼ਿੰਦਗੀ ਅਤੇ ਮੌਤ ਨਾਲ ਜੂਝਣ ਤੋਂ ਬਾਅਦ ਨੌਜਵਾਨ ਨੇ ਦਮ ਤੋੜ ਦਿੱਤਾ। ਦੀਪਕਰਨ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਖਾਲੜਾ ਵਿੱਚ ਹਰ ਅੱਖ ਨਮ ਹੈ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।
- PTC NEWS