ਗੁਲਜ਼ਾਰ ਸਿੰਘ ਦੀ ਮੌਤ ’ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ, ਕਿਹਾ...
Gulzar Singh death: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਕੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਰਕਾਰੀ ਨਾਕਾਮੀਆਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕੀਆਂ ਅਤੇ ਤੰਗ-ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿੱਤ ਮੰਤਰੀ ਦਾ ਤੁਰੰਤ ਅਸਤੀਫ਼ਾ ਲੈਣ ਅਤੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਰਾਹੁਲ ਗਾਂਧੀ ਨੇ ਲਿਖਿਆ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਗੁਲਜ਼ਾਰ ਸਿੰਘ ਆਪਣੇ ਪੁੱਤਰ ਨੂੰ ਨਸ਼ੇ ਦਾ ਸ਼ਿਕਾਰ ਬਣਦੇ ਦੇਖ ਰਹੇ ਸਨ। ਉਨ੍ਹਾਂ ਨੇ ਵਿੱਤ ਮੰਤਰੀ ਤੋਂ ਸਿਰਫ਼ ਇਹ ਸਵਾਲ ਕੀਤਾ ਸੀ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਇੰਨੀ ਬੁਰੀ ਤਰ੍ਹਾਂ ਕਿਉਂ ਨਾਕਾਮ ਰਹੀ ਹੈ। ਰਾਹੁਲ ਗਾਂਧੀ ਦੇ ਮੁਤਾਬਕ, ਇਸ ਸਵਾਲ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਅਤੇ ਬੇਇੱਜ਼ਤ ਕੀਤਾ ਗਿਆ। ਉਨ੍ਹਾਂ ’ਤੇ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਹਿਰ ਖਾ ਲਿਆ।
पंजाब की AAP सरकार में एक खतरनाक पैटर्न दिख रहा है - सरकारी नाकामी पर सवाल करोगे, तो जवाब धमकी और torture से मिलेगा।
अपने बेटे को नशे का शिकार बनते देखने वाले, दलित समुदाय से आने वाले गुलज़ार सिंह जी ने वित्त मंत्री से सिर्फ़ इतना पूछा कि सरकार ड्रग्स का कारोबार रोकने में इतनी… https://t.co/umImJz7GFm — Rahul Gandhi (@RahulGandhi) September 9, 2026
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੂੰ ਇਲਾਜ ਲਈ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਭਟਕਣਾ ਪਿਆ ਅਤੇ ਇਲਾਜ ਨਾ ਮਿਲਣ ਕਾਰਨ ਆਖ਼ਰਕਾਰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਇੱਕ ਹੋਰ ਨੌਜਵਾਨ ਮੋਹਨਜੀਤ ਸਿੰਘ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਮੋਹਨਜੀਤ ਸਿੰਘ ਨਾਲ ਗੱਲਬਾਤ ਕੀਤੀ ਸੀ। ਰਾਹੁਲ ਗਾਂਧੀ ਦੇ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ’ਤੇ ਮੋਹਨਜੀਤ ਸਿੰਘ ਨੂੰ ਵੀ ਤੰਗ-ਪ੍ਰੇਸ਼ਾਨ ਕੀਤਾ ਗਿਆ।
ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦਾ ਕੰਮ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਕੁਚਲਣਾ ਨਹੀਂ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਵਿੱਤ ਮੰਤਰੀ ਦਾ ਅਸਤੀਫ਼ਾ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਆਜ਼ਾਦ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਜਾਂਚ ਦੌਰਾਨ ਦਰਜ ਕੀਤੀ ਜਾਣ ਵਾਲੀ ਐੱਫਆਈਆਰ ਵਿੱਚ ਵਿੱਤ ਮੰਤਰੀ ਦਾ ਨਾਮ ਸ਼ਾਮਲ ਕਰਨ ਦੀ ਮੰਗ ਕੀਤੀ।
ਭਾਜਪਾ ਵੀ ਪਹਿਲਾਂ ਤੋਂ ਸਰਕਾਰ ’ਤੇ ਹਮਲਾਵਰ
ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਭਾਜਪਾ ਪਹਿਲਾਂ ਹੀ ਪੰਜਾਬ ਸਰਕਾਰ ’ਤੇ ਸਵਾਲ ਚੁੱਕ ਚੁੱਕੀ ਹੈ। ਭਾਜਪਾ ਆਗੂਆਂ ਵੱਲੋਂ ਸੂਬੇ ਵਿੱਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਜਾਂਦਾ ਰਿਹਾ ਹੈ। ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੇ ਵਿਰੋਧੀ ਧਿਰ ਨੂੰ ਸਰਕਾਰ ’ਤੇ ਹਮਲਾ ਕਰਨ ਲਈ ਇੱਕ ਹੋਰ ਮੁੱਦਾ ਦੇ ਦਿੱਤਾ ਹੈ। ਭਾਜਪਾ ਨੇ ਸਰਕਾਰ ਤੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਭਾਜਪਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਜਨਤਾ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।
- PTC NEWS