Delhi-NCR Weather : 29 ਮਈ ਅਤੇ 30 ਮਈ ਨੂੰ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Delhi-NCR Weather : ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਅਤੇ ਇਸਦੇ ਗੁਆਂਢੀ ਰਾਜਾਂ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਸ਼ੁੱਕਰਵਾਰ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਦੀ ਵੈੱਬਸਾਈਟ 'ਤੇ ਉਪਲਬਧ ਤਾਜ਼ਾ ਜਾਣਕਾਰੀ ਦੇ ਅਨੁਸਾਰ 29 ਮਈ ਅਤੇ 30 ਮਈ ਨੂੰ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ, "30 ਮਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ , ਜੋ 70 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ।"ਇਸ ਸਮੇਂ ਦੌਰਾਨ ਪੰਜਾਬ, ਜੰਮੂ-ਕਸ਼ਮੀਰ, ਲੱਦਾਖ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਇਸੇ ਤਰ੍ਹਾਂ ਦੀ ਸਥਿਤੀ ਰਹਿਣ ਦੀ ਉਮੀਦ ਹੈ।
ਇਨ੍ਹਾਂ ਦੋਵਾਂ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 29 ਮਈ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। 30 ਮਈ ਨੂੰ ਮੌਸਮ ਖਰਾਬ ਰਹੇਗਾ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਾਸੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਘਰ ਦੇ ਅੰਦਰ ਰਹਿਣ ਅਤੇ ਬਿਜਲੀ ਚਮਕਣ ਦੌਰਾਨ ਦਰੱਖਤਾਂ ਹੇਠ ਜਾਣ ਤੋਂ ਬਚਣ।
31 ਮਈ ਨੂੰ ਮੌਸਮ ਵਿਭਾਗ ਨੇ 'ਦਰਮਿਆਨੀ ਬਾਰਿਸ਼' ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇਸ ਤੋਂ ਬਾਅਦ ਮੌਸਮ ਆਮ ਵਾਂਗ ਹੁੰਦਾ ਜਾਪਦਾ ਹੈ। 1 ਜੂਨ ਨੂੰ "ਮੀਂਹ ਦੇ ਨਾਲ ਗਰਜ" ਦੀ ਸੰਭਾਵਨਾ ਹੈ ਪਰ ਇਸ ਦਿਨ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 2 ਜੂਨ ਤੋਂ ਮੌਸਮ ਵਿੱਚ ਕਾਫ਼ੀ ਸੁਧਾਰ ਹੋਵੇਗਾ, ਜਿੱਥੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
- PTC NEWS